ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ
ਡੇਰਾ ਬਿਆਸ ਦੇ ਵਫ਼ਦ ਨੇ ਭਗਵੰਤ ਸਿੰਘ ਮਾਨ ਨੂੰ ਸੌਂਪਿਆ ਚੈੱਕ
ਮੁੱਖ ਮੰਤਰੀ ਨੇ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 16 ਅਗਸਤ
ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇਕ-ਇਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉਤੇ ਢਾਰਸ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜਾ ਦੇਵੇਗੀ।