ਗੁਰੂ ਰਵੀਦਾਸ ਜਨਮ ਦਿਹਾੜੇ ਦੇ ਮੱਦੇਨਜ਼ਰ ਸੁਖਦੇਵ ਸਿੰਘ ਢੀਂਡਸਾ ਨੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਅੱਗੇ ਪਾਉਣ ਦੀ ਮੰਗ ਕੀਤੀ
*ਗੁਰੂ ਰਵੀਦਾਸ ਜਨਮ ਦਿਹਾੜੇ ਦੇ ਮੱਦੇਨਜ਼ਰ ਸੁਖਦੇਵ ਸਿੰਘ ਢੀਂਡਸਾ ਨੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਅੱਗੇ ਪਾਉਣ ਦੀ ਮੰਗ ਕੀਤੀ*
ਚੰਡੀਗੜ੍ਹ/ਐੱਸ.ਏ.ਐੱਸ ਨਗਰ, 16 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੂੰ ਅੱਗੇ ਪਾਉਣ ਦੀ ਮੰਗ ਕੀਤੀ ਹੈ।
ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 16 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਲੋਕ ਖਾਸਕਰ ਸੂਬੇ ਦੀ ਆਬਾਦੀ ਦੇ ਕਰੀਬ 32 ਫੀਸਦੀ ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਵੱਖ-ਵੱਖ ਕਈਂ ਪ੍ਰੋਗਰਾਮ ਉਲੀਕੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਸ਼ਰਧਾਲੂਆਂ ਵੱਲੋਂ ਇਨ੍ਹਾਂ ਦਿਨਾਂ ਵਿੱਚ ਗੁਰੂ ਰਵੀਦਾਸ ਜਨਮ ਦਿਹਾੜੇ `ਤੇ ਰੁੱਝੇ ਹੋਣ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀ ਲੈ ਪਾ ਸਕਣਗੇ, ਜਦੋਂ ਕਿ ਇਹ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਸ: ਢੀਂਡਸਾ ਨੇ ਅਜਿਹੀ ਸਥਿਤੀ ਵਿੱਚ ਚੋਣ ਕਮਿਸ਼ਨ ਨੂੰ ਵਿਧਾਨ ਸਭਾਂ ਚੋਣਾਂ ਕੁੱਝ ਦਿਨਾਂ ਲਈ ਅੱਗੇ ਪਾਉਣ ਦੀ ਮੰਗ ਕੀਤੀ ਹੈ ਤਾਂ ਜੋ ਸਮੁੱਚੇ ਪੰਜਾਬ ਵਾਸੀ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।