ਪੰਜਾਬ

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਗਰਜੇ ਮੁਲਾਜ਼ਮ,ਆਉਣ ਵਾਲੇ ਸਮੇਂ ਵਿਧਾਨ ਸਭਾ ਦਾ ਘੇਰਾਓ ਕਰਨ ਦੀ ਦਿੱਤੀ ਚੇਤਾਵਨੀ

ਮੁਲਾਜ਼ਮਾਂ ਵੱਲੋਂ ਭਲਕ ਤੋਂ ਸੈਕਟਰ 17 ਵਿਖੇ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ 1 ਮਾਰਚ (       )    : ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ  ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਵਿਰੁੱਧ  ਮੋਰਚਾ ਖੋਲ ਦਿੱਤਾ ਗਿਆ। ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਜਮ ਕੇ ਨਾਅਰੇਬਾਜ਼ੀ ਕੀਤੀ ਗਈ।  ਦੱਸਣਯੋਗ ਕਿ ਪੰਜਾਬ ਸਰਕਾਰ ਦੇ ਤਨਖਾਹ  ਕਮਿਸ਼ਨ  ਵੱਲੋਂ 28 ਫਰਵਰੀ ਨੂੰ ਆਪਣੀ ਰਿਪੋਰਟ ਪੇਸ਼ ਕੀਤੀ ਜਾਣੀ ਸੀ ਜੋ ਕਿ ਨਹੀਂ ਕੀਤੀ ਗਈ ਅਤੇ ਹੁਣ ਇਹ ਰਿਪੋਰਟ  ਕੇਵਲ ਲਾਰਾ ਬਣਕੇ ਰਹਿ  ਗਈ ਜਾਪਦੀ ਹੈ।  ਯਾਦ ਰਹੇ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਜਿਸ ਲਈ ਸਰਕਾਰ ਵੱਲੋਂ ਰਿਟਾਇਰਡ ਆਈ.ਏ.ਐਸ ਅਫਸਰਾਂ ਨੂੰ ਚੇਅਰਮੈਨ ਵੀ ਨਿਯੁਕਤ ਕੀਤਾ ਸੀ, ਪ੍ਰੰਤੂ ਜਿਹੜਾ ਤਨਖਾਹ ਕਮਿਸ਼ਨ ਮੁਲਾਜ਼ਮਾਂ ਨੂੰ ਸਾਲ 2016 ਵਿੱਚ ਦਿੱਤਾ ਜਾਣਾ ਸੀ ਉਹ ਅਜੇ ਤੀਕ ਵੀ  ਮਿਲਦਾ ਨਜਰ ਨਹੀਂ ਆ ਰਿਹਾ।  ਮੁਲਾਜ਼ਮ ਡੀ.ਏ ਦੀਆਂ ਕਿਸ਼ਤਾਂ ਅਤੇ ਏਰੀਅਰ ਨਾ ਮਿਲਣ ਕਰਕੇ ਔਸਤਨ 2 ਲੱਖ ਰੁਪਏ ਪ੍ਰਤੀ ਮੁਲਾਜ਼ਮ ਸਰਕਾਰ ਵੱਲ ਬਕਾਇਆ ਬਣਦਾ ਹੈ।  ਇਸ  ਮੌਕੇ ਮੁਲਾਜ਼ਮਾਂ ਨੂੰ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਸੰਬੋਧਿਤ ਕੀਤਾ ਗਿਆ।  ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ  ਯੂ.ਟੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਜਦੋਂ ਦੀ ਕਾਂਗਰਸ ਸਰਕਾਰ ਹੋਂਦ ਵਿੱਚ ਆਈ ਹੈ, ਮੁਲਾਜ਼ਮਾਂ ਦੀਆਂ ਮੰਗਾਂ ਦੀ ਲਿਸਟ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।  ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਭੱਜਦੀ ਦਿਖਾਈ ਦੇ ਰਹੀ ਹੈ।  ਘਰ ਘਰ ਰੁਜਗਾਰ ਦੀ ਸਕੀਮ ਵੀ ਕੇਵਲ ਕਾਗਜ਼ੀ ਹੈ ਜਦਕਿ ਸਰਕਾਰੀ ਮਹਿਕਮਿਆਂ ਦਾ ਪੁਨਰਗਠਨ ਕਰਨ ਦੀ ਓਟ ਵਿੱਚ ਸਰਕਾਰ ਹਜਾਰਾਂ ਅਸਾਮੀਆਂ ਖਤਮ ਕਰ ਰਹੀ ਹੈ ਜਿਸ ਦਾ ਸਮਾਜ ਦੇ ਆਮ ਵਰਗ ਨੂੰ ਵੱਡਾ ਖਾਮਿਆਜ਼ਾ ਭੁਗਤਣਾ ਪਵੇਗਾ।  ਰੁਜਗਾਰ ਦੇ ਨਾਂ ਤੇ ਸਰਕਾਰ ਵੱਲੋਂ ਛੋਟੀਆਂ ਛੋਟੀਆਂ ਕੰਪਨੀਆਂ ਵਿੱਚ 6-7 ਹਜਾਰ ਰੁਪਏ ਤਨਖਾਹ  ਦੇ ਨੌਜਵਾਨਾ ਨੂੰ ਨੋਕਰੀਆਂ ਦਵਾ ਕੇ ਆਪਣੀ ਪਿੱਠ ਥਪਥਪਾ ਰਹੀ ਹੈ ਜਦਕਿ ਹਕੀਕਤ ਕੁਝ ਹੋਰ ਹੀ ਹੈ।   ਉਨ੍ਹਾਂ ਕਿਹਾ ਕਿ  ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਵਾਪਿਸ ਲੈਕੇ ਐਨ.ਪੀ.ਐਸ ਰਾਹੀਂ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਦੂਜੇ ਪਾਸੇ ਵਿਧਾਇਕ 7-7 ਪੈਨਸ਼ਨਾਂ ਅਤੇ ਤਨਖਾਹ ਦੋਵਾਂ ਦਾ ਅਨੰਦ ਮਾਣ ਰਹੇ ਹਨ।  ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਸਾਰ ਨਾ ਲਈ ਤਾਂ ਮੁਲਾਜ਼ਮ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿਧਾਨ ਸਭਾ ਦਾ ਘੇਰਾਓ ਵੀ ਕਰਨਗੇ। ਇਸ ਮੌਕੇ ਪੀ.ਐਸ.ਐਮ.ਐਸ.ਯੂ ਦੇ ਨਿਰਵਿਰੋਧ  ਚੁਣੇ ਗਏ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।  ਮਨਦੀਪ ਸਿੱਧੂ ਨੇ ਮੁਲਾਜ਼ਮਾਂ ਨੂੰ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ  ਦੇ ਮਨਿਸਟੀਰੀਅਲ ਕਾਮੇ ਮੁਕੰਮਲ ਹੜਤਾਲ ਵੀ ਕਰਨਗੇ ਤਾਂ ਜੋ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ  ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਕੱਲ ਭਾਵ 2 ਮਾਰਚ, 2021 ਤੋਂ ਸੈਕਟਰ 17 ਚੰਡੀਗੜ੍ਹ ਵਿੱਖੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ, ਰੰਜੀਵ ਸ਼ਰਮਾ, ਸੁਖਵਿੰਦਰ ਸਿੰਘ ਅਤੇ ਸੈਮੂਲ ਮਸੀਹ ਦੀ ਅਗਵਾਈ ਵਿੱਚ ਹੋਵੇਗੀ।  ਮਨਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਜਿਆਦਾ ਸਰਕਾਰ ਦੀ ਕੀ ਨਾਕਾਮੀ ਹੋ ਸਕਦੀ ਹੈ ਕਿ ਉਹ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੱਬ ਕੇ ਅਤੇ 2400/- ਰੁਪਏ ਦਾ ਵਿਕਾਸ ਟੈਕਸ ਲਗਾਕੇ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ 4 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਅਜੇ ਤੀਕ ਸਰਕਾਰ ਦਾ ਖਜਾਨਾ ਨਹੀਂ ਭਰਿਆ।  ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਤੋਂ ਜਸਵੀਰ ਕੌਰ, ਦਰਜਾ-4 ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਰਾਜ ਸਿੰਘ  ਦਾਊਂ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਤੋਂ ਮਨਜਿੰਦਰ ਕੌਰ ਮੀਤ ਪ੍ਰਧਾਨ (ਇਸਤਰੀ), ਗੁਰਪ੍ਰੀਤ ਸਿੰਘ ਜਨਰਲ ਸਕੱਤਰ, ਮਨਦੀਪ ਚੌਧਰੀ ਸੰਯੂਕਤ ਜਨਰਲ ਸਕੱਤਰ, ਸੁਸ਼ੀਲ ਕੁਮਾਰ ਕੋਆਰਡੀਨੇਟਰ, ਸੰਦੀਪ ਕੁਮਾਰ ਸੰਯੁਕਤ ਵਿੱਤ ਸਕੱਤਰ, ਅਮਰਵੀਰ ਸਿੰਘ ਗਿੱਲ ਪ੍ਰੈਸ ਸਕੱਤਰ, ਸੁਖਜੀਤ ਕੌਰ ਸੰਯੁਕਤ ਪ੍ਰੈੱਸ ਸਕੱਤਰ, ਗੁਰਵੀਰ ਸਿੰਘ ਸੰਗਠਨ ਸਕੱਤਰ, ਇੰਦਰਪਾਲ ਸਿੰਘ ਭੰਗੂ ਸੰਯੁਕਤ ਸੰਗਠਨ ਸਕੱਤਰ, ਸਾਹਿਲ ਸ਼ਰਮਾ ਦਫਤਰ ਸਕੱਤਰ, ਮਨਜੀਤ ਸਿੰਘ ਸੰਯੁਕਤ ਦਫਤਰ ਸਕੱਤਰ, ਹਾਈ ਪਾਵਰਡ ਕਮੇਟੀ ਤੋਂ ਕੁਲਵਿੰਦਰ ਸਿੰਘ ਕਨਵੀਨਰ (ਲੀਗਲ), ਨੀਰਜ ਕੁਮਾਰ, ਪ੍ਰਵੀਨ ਮਹਿਰਾ, ਸੁਮਿਤ ਬਾਂਸਲ ਅਤੇ ਸੰਦੀਪ ਕੌਸ਼ਲ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!