ਪੰਜਾਬ

ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਲਿਖਿਆ ਪੱਤਰ

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਦੀ ਅਪੀਲ

 

ਚੰਡੀਗੜ੍ਹ,6 ਮਾਰਚ:


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ  ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।

ਉਨ੍ਹਾਂ ਪੱਤਰ ਵਿੱਚ  ‘ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ  ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ  ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ।
ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ‘ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

 

ਜ਼ਿਲ੍ਹਾ ਸੰਗਰੂਰ ਵਿੱਚ ਘਰ-ਘਰ ਤੱਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ
ਦਲਜੀਤ ਕੌਰ
ਸੰਗਰੂਰ, 6 ਮਾਰਚ, 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਮੁਹਿੰਮ ਜਾਰੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਇਸ ਮੁਹਿੰਮ ਨੂੰ ਰਫ਼ਤਾਰ ਦੇਣ ਲਈ ਅੱਜ ਸੰਗਰੂਰ ਵਿਖੇ ਜ਼ਿਲ੍ਹਾ ਦਾਖ਼ਲਾ ਕਮੇਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ਼ਿਵਰਾਜ ਕਪੂਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਿੱਖਿਆ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ।
ਇਸ ਮੌਕੇ ਸ਼ਿਵਰਾਜ ਕਪੂਰ ਨੇ ਦੱਸਿਆ ਕਿ ਇਸ ਸਾਲ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਸਿੱਖਿਆ ਅਧਿਕਾਰੀ, ਅਧਿਆਪਕ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਘਰ ਘਰ ਤੱਕ ਪਹੁੰਚ ਬਣਾ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਲਿਆਂਦਾ ਜਾਵੇਗਾ। ਫਿਲਹਾਲ ਇਸ ਸਾਲ ਦਾਖਲੇ ਵਿੱਚ ਵਾਧੇ ਦਾ 10 ਫੀਸਦੀ ਟੀਚਾ ਰੱਖਿਆ ਗਿਆ ਹੈ ਜਿਸ ਨੂੰ ਹਰ ਹਾਲਤ ਵਿੱਚ ਹਾਸਿਲ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਡੀ ਯੋਜਨਾ ਉਲੀਕੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਬਲਾਕਾਂ ਵਿੱਚ ਪੜਾਅਵਾਰ ਮੀਟਿੰਗਾਂ ਅੱਜ ਤੋਂ ਹੀ ਸ਼ੁਰੂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਦੀਆਂ ਹਦਾਇਤਾਂ ਮੁਤਾਬਿਕ ਅਧਿਆਪਕ ਜੱਥੇਬੰਦੀਆਂ ਤੋਂ ਵੀ ਇਸ ਦਾਖਲਾ ਮੁਹਿੰਮ ਵਿੱਚ ਯੋਗਦਾਨ ਲਿਆ ਜਾਵੇਗਾ ਅਤੇ ਜੇਕਰ ਅਧਿਆਪਕ ਜਥੇਬੰਦੀ ਦੀਆਂ ਕੋਈ ਨਿੱਜੀ ਸਮੱਸਿਆਵਾਂ ਹਨ ਤਾਂ ਉਹਨਾਂ ਦਾ ਨਿਪਟਾਰਾ ਦਫ਼ਤਰੀ ਸਮੇਂ ਤੋਂ ਬਾਅਦ ਕੀਤਾ ਜਾਵੇਗਾ। ਸਾਰਾ ਦਫ਼ਤਰੀ ਸਮਾਂ ਕੇਵਲ ਤੇ ਕੇਵਲ ਵਿੱਦਿਅਕ ਪੱਧਰ ਉੱਚਾ ਚੁੱਕਣ ਅਤੇ ਆਮ ਜਨਤਾ ਤੱਕ ਵਿਭਾਗ ਦੀਆਂ ਸਕੀਮਾਂ ਨੂੰ ਹੁ-ਬ-ਹੂ ਪਹੁੰਚਾਉਣ ਲਈ ਲਗਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਕੁਮਾਰ ਹਾਂਡਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਗੁਰਮੀਤ ਸਿੰਘ ਈਸਾਪੁਰ, ਹਰਤੇਜ ਸਿੰਘ, ਅਭਿਨਵ ਜੈਦਕਾ, ਗੁਰਦਰਸ਼ਨ ਸਿੰਘ, ਰਾਜਿੰਦਰ ਕੁਮਾਰ, ਸਤਪਾਲ ਸਿੰਘ (ਸਾਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ), ਜਸਪ੍ਰੀਤ ਸਿੰਘ ਨਾਗਰਾ ਜ਼ਿਲ੍ਹਾ ਕੋ-ਆਰਡੀਨੇਟਰ ਪ.ਪ.ਪ.ਪ., ਗੋਵਰਧਨ ਸ਼ਰਮਾ ਅਤੇ ਰਾਜਵੀਰ ਸਿੰਘ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!