ਸੰਗਰੂਰ ਵਿੱਚ ਨਕਲੀ ਸ਼ਰਾਬ ਨਾਲ 8 ਲੋਕਾਂ ਦੀ ਮੌਤ ‘ਤੇ ਹਰਪਾਲ ਚੀਮਾ ਕੀਤਾ ਦੁੱਖ ਦਾ ਪ੍ਰਗਟਾਵਾ
ਕਿਹਾ, ਇਨ੍ਹਾਂ ਮੌਤਾਂ ਲਈ ਜ਼ਿੰਮੇਵਾਰ ਕਿਸੇ ਨੂੰ ਨਹੀਂ ਬਖਸ਼ਾਂਗੇ, 302 ਤਹਿਤ ਕੇਸ ਦਰਜ, ਕੀਤਾ ਗ੍ਰਿਫਤਾਰ, ਪੂਰੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ
ਚੰਡੀਗੜ੍ਹ, 21 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਦੇ ਗੁੱਜਰਾਂ (ਦਿੜਬਾ) ਵਿੱਚ ਨਕਲੀ ਸ਼ਰਾਬ ਪੀਣ ਕਾਰਨ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੇ ਨਾਲ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਮੌਤਾਂ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਇਸ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ ਅਤੇ 302 ਦੇ ਤਹਿਤ ਮਾਮਲਾ ਵੀ ਦਰਜ ਕਰ ਲਿਆ ਹੈ, ਸਰਕਾਰ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਕ ਕਮੇਟੀ ਵੀ ਬਣਾਈ ਗਈ ਹੈ ਜੋ 72 ਘੰਟਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਸ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਹੈ, ਉਨ੍ਹਾਂ ਨੇ ਨਕਲੀ ਸ਼ਰਾਬ ਦਾ ਸੇਵਨ ਕਰਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।