ਪੰਜਾਬ

ਮਾਰਚ ਮਹੀਨੇ ‘ਚ ਕੇਜਰੀਵਾਲ ਕਿਸਾਨਾਂ ਦੇ ਸਮਰਥਨ ਵਿੱਚ ‘ਆਪ’ ਦੀ ਕਿਸਾਨ ਮਹਾਂਸਭਾ ਨੂੰ ਕਰਨਗੇ ਸੰਬੋਧਨ

. ਰੈਲੀ ਰਾਹੀਂ ਕਿਸਾਨਾਂ ਦਾ ਕੀਤਾ ਜਾਵੇਗਾ ਸਮਰਥਨ ਅਤੇ ਕੀਤੀ ਜਾਵੇਗੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ

… ਬਾਘਾ ਪੁਰਾਣਾ ਵਿੱਚ ਹੋਵੇਗੀ ‘ਆਪ’ ਦੀ ਮੈਗਾ ਰੈਲੀ, ਪੂਰੇ ਪੰਜਾਬ ਦੇ ‘ਆਪ’ ਵਰਕਰਾਂ ਅਤੇ ਲੋਕਾਂ ਨੂੰ ਬੁਲਾਇਆ ਜਾਵੇਗਾ

… ‘ਆਪ’ ਨੇ ਹਮੇਸ਼ਾਂ ਕੀਤਾ ਕਿਸਾਨਾਂ ਦਾ ਸਮਰਥਨ ਅਤੇ ਉਨ੍ਹਾਂ ਦੇ ‘ਸੇਵਾਦਾਰ’ ਵਜੋਂ ਕੀਤਾ ਕੰਮ : ਭਗਵੰਤ ਮਾਨ

ਜਲੰਧਰ/ਚੰਡੀਗੜ੍ਹ, 22 ਫਰਵਰੀ 2021
ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 21 ਮਾਰਚ ਨੂੰ ਕਿਸਾਨ ਮਹਾਂ ਸੰਮੇਲਨ ਕਰਨ ਦਾ ਐਲਾਨ ਕੀਤਾ ਗਿਆ। ਪੰਜਾਬ ਦੇ ਬਾਘਾ ਪੁਰਾਣਾ ਵਿੱਚ ਆਯੋਜਿਤ ਹੋਣ ਵਾਲੇ ਸੰਮੇਲਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਸੋਮਵਾਰ ਨੂੰ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਸੋਮਵਾਰ ਨੂੰ ਇਥੇ ਇਕ ਸੰਮੇਲਨ ਦੌਰਾਨ ਐਲਾਨ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਹਾਂਸੰਮੇਲਨ ਦਾ ਮਕਸਦ ਹੋਵੇਗਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਸੁਨੇਹਾ ਦਿੱਤਾ ਜਾਵੇਗਾ ਕਿ ਉਹ ਹੰਕਾਰੀ ਨਾ ਬਣੇ ਕਿਸਾਨਾਂ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਰੈਲੀ ਦੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਮੇਂ ਦੌਰਾਨ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ, ਰਿਵਾਇਤੀ ਪਾਰਟੀਆਂ ਦਾ ਪਰਦਾਫਾਸ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੱਤਾ ‘ਚ ਰਹਿੰਦੇ ਹੋਏ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਦੀ ਬਰਬਾਦ ਕਰਨ ਲਈ ਕੰਮ ਕੀਤਾ ਹੈ, ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਹੁਣ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸਮਰਥਨ ਵਿੱਚ ਡੱਟੀ ਹੋਈ ਹੈ। ਪਾਰਟੀ ਵੱਲੋਂ ਕਿਸਾਨਾਂ ਵੱਲੋਂ ਦਿੱਤੇ ਗਏ ਹਰ ਸੱਦੇ ਦਾ ਸਮਰਥਨ ਕਰਦੇ ਹੋਏ ਕਿਸਾਨ ਸੰਘਰਸ਼ ਦੀ ਪੂਰੀ ਹਿਮਾਇਤ ਕੀਤੀ ਗਈ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਪੱਖ ਵਿੱਚ ਲੋਹੜੀ ਮਨਾਈ ਅਤੇ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਵਿਧਾਨ ਸਭਾ ਦਾ ਇਕ ਵਿਸ਼ੇਸ ਸੈਸ਼ਨ ਬੁਲਾਇਆ ਸੀ ਅਤੇ ਕੇਂਦਰੀ ਖੇਤੀ ਕਾਨੂੰਨਾ ਦੀਆਂ ਕਾਪੀਆਂ ਫਾੜਕੇ ਮੋਦੀ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ। ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾ, ਜਦੋਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਪਹੁੰਚੇ ਅਤੇ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰਦੇ ਕਿਸਾਨਾਂ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿਨ ਰਾਤ ਸੇਵਾਦਾਰ ਵਜੋਂ ਸੇਵਾ ਕਰਦਿਆਂ ਹਰ ਸੰਭਵ ਮਦਦ ਕੀਤੀ ਗਈ। ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਉੱਤੇ ਪੀਣ ਵਾਲੇ ਪਾਣੀ, ਪਖਾਨੇ, ਗਰਮ ਪਾਣੀ,  ਲੰਗਰ ਅਤੇ ਹੋਰ ਕਈ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ। ‘ਆਪ’ ਦੀ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਪ੍ਰਬੰਧਾਂ ਨੂੰ ਵੇਖਣ ਲਈ ਖੁਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਸਿੰਘ ਕੇਜਰੀਵਾਲ ਨੇ ਦੋ ਵਾਰ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹੀ ਸਭ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਕਾਲੇ ਕਾਨੂੰਨਾ ਬਾਰੇ ਦੱਸਿਆ ਕਿ ਕਿਸਾਨਾਂ ਲਈ ਕਿੰਨੇ ਖਤਰਨਾਕ ਕਾਨੂੰਨ ਹਨ। ‘ਆਪ’ ਵੱਲੋਂ ਪੰਜਾਬ ਭਰ ਵਿੱਚ ਪੰਚਾਇਤਾਂ ਨੂੰ ਗ੍ਰਾਮ ਸਭਾ ਬੁਲਾਕੇ ਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤੇ ਪਾਸ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜਦੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਦੇਣ ਲਈ ਦਿੱਲੀ ਪਹੁੰਚੇ ਤਾਂ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਕਾਂਗਰਸੀ, ਅਕਾਲੀ ਦਲ ਅਤੇ ਭਾਜਪਾ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਪਹਿਲਾਂ ਦਾ ਇਨ੍ਹਾਂ ਸਭ ਨੇ ਮਿਲਕੇ ਕਾਲੇ ਕਾਨੂੰਨ ਪਾਸ ਕੀਤੇ, ਹੁਣ ਜਦੋਂ ਕਿਸਾਨ ਇਨ੍ਹਾਂ ਕਾਨੂੰਨ ਨੂੰ ਰੱਦ ਕਰਾਉਣ ਲਈ ਅੰਦੋਲਨ ਕਰ ਰਹੇ ਹਨ ਤਾਂ ਮਗਰਮੱਛ ਵਾਲੇ ਹੰਝੂ ਵਹਾਕੇ ਹੁਣ ਆਪਣੇ ਆਪ ਨੂੰ ਕਿਸਾਨ ਪੱਖੀ ਦੱਸ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਰਹਿੰਦੇ ਹੋਏ ਅਕਾਲੀਆਂ ਨੇ ਆਪਣੀ ਸਰਕਾਰ ਸਮੇਂ 2013 ਵਿੱਚ ਕੰਟਰੈਕਟ ਫਾਰਮਿੰਗ ਐਕਟ 2013 ਪਾਸ ਕੀਤਾ ਸੀ, ਜੋ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਂਦਾ ਸੀ। ਇਸ ਤੋਂ ਬਾਅਦ ਸੱਤਾ ਵਿਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਵਿਰੋਧੀ ਐਕਟ ਨੂੰ ਰੱਦ ਕਰਨ ਦੀ ਬਜਾਏ ਏਪੀਐਮਸੀ ਸੋਧ ਐਕਟ 2017 ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਹ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਹਾਈਪਾਵਰ ਕਮੇਟੀ ਦਾ ਮੈਂਬਰ ਰਹਿੰਦੇ ਹੋਏ ਕੇਂਦਰੀ ਖੇਤੀ ਬਾਰੇ ਕਾਲੇ ਕਾਨੂੰਨਾ ਦਾ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦਾ ਹਿੱਸਾ ਹੁੰਦੇ ਹੋਏ ਇਸ ਕਾਨੂੰਨ ਦੇ ਹੱਕ ਵਿਚ ਖੜ੍ਹਿਆ, ਇਥੋਂ ਤੱਕ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਹੁੰਦੇ ਹੋਏ ਅਤੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਕਾਨੂੰਨਾਂ ਦਾ ਪੂਰਾ ਸਮਰਥਨ ਕੀਤਾ ਅਤੇ ਇਨ੍ਹਾਂ ਕਾਨੂੰਨ ਦੇ ਹੱਕ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਇਹ ਕਿਸਾਨ ਪੱਖੀ ਕਾਨੂੰਨ ਹਨ। ਹੁਣ ਅਕਾਲੀ ਦਲ ਆਪਣੇ ਆਪ ਨੂੰ ਕਿਸਾਨ ਦਾ ਹਮਦਰਦੀ ਦੱਸ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਇਹ ਸਾਰੀਆਂ ਪਾਰਟੀਆਂ ਕਿਸਾਨ ਅੰਦੋਲਨ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੋਦੀ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਉੱਤੇ ਵਿਅੰਗ ਕਰਦੇ ਹੋਏ ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 26 ਜਨਵਰੀ ਨੂੰ ਰੈਲੀ ਨੂੰ ਹਿੰਸਕ ਪ੍ਰਦਰਸ਼ਨ ਵਿੱਚ ਬਦਲਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਕੈਪਟਨ ਅਮਰਿੰਦਰ ਨੇ ਇਸ ਨੂੰ ਰੋਕਣ ਲਈ ਕੁਝ ਨਹੀਂ ਕੀਤਾ। 26 ਜਨਵਰੀ ਦੇ ਬਾਅਦ ਜਦੋਂ ਸੂਬੇ ਦੇ ਕਈ ਨੌਜਵਾਨ ਗੁੰਮ ਹੋ ਗਏ ਤਾਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਵਾਪਸ ਲਿਆਉਣ ਜਾਂ ਉਨ੍ਹਾਂ ਦੀ ਸਥਿਤੀ ਜਾਣਨ ਲਈ ਕੋਈ ਯਤਨ ਨਹੀਂ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!