ਪੰਜਾਬ
ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ : ਪਿੰਡ ਟਹਿਣਾ ਵਿਖੇ ਅੰਡਰ ਬ੍ਰਿਜ ਨਾ ਹੋਣ ਕਾਰਨ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ
ਕੇਂਦਰੀ ਮੰਤਰੀ ਨੇ ਜਲਦ ਅੰਡਰ ਬ੍ਰਿਜ ਬਣਾਉਣ ਦਾ ਭਰੋਸਾ ਦਿੱਤਾ
ਚੰਡੀਗੜ੍ਹ, 13 ਸਤੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਸ਼ਾਮ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।
ਸ. ਸੰਧਵਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਕਤ ਸਥਾਨ ’ਤੇ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ, ਕਿਉਂਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਸਪੀਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰ ਬ੍ਰਿਜ ਬਣਾ ਕੇ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਸੰਧਵਾਂ ਨੇ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ, ‘’ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਵੀ ਮਦਦ ਕਰੇਗਾ।”
ਇਸ ਦੌਰਾਨ ਸ. ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਸੂਬੇ ਦੀਆਂ ਇੱਕ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਮੁਕਤ ਦਿੱਤਾ ਹੈ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ।
ਇਸ ਮੌਕੇ ਸ. ਸੰਧਵਾਂ ਨੇ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ।