ਸੱਚ ਦੀ ਜਿੱਤ ਹੈ ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ-ਭਗਵੰਤ ਮਾਨ
ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ ਕਿ ‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’ ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਵੀ ਧਨਵਾਦ ਕੀਤਾ।
ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਲਗਭਗ 17 ਮਹੀਨਿਆਂ ਬਾਅਦ ਜ਼ਮਾਨਤ ਮਿਲੀ ਹੈ ਅਤੇ ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਝੂਠੇ ਕੇਸ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ ‘ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਖਿੱਚ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇਸ਼ ਵਿੱਚ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਉਨ੍ਹਾਂ ਨੇ ਬੱਚਿਆਂ ਲਈ ਚੰਗੀ ਸਿੱਖਿਆ ਅਤੇ ਚੰਗੇ ਸਕੂਲ ਬਣਾਏ ਹਨ। ਉਹ ਸਕੂਲ ਆਫ ਐਮੀਨੈਂਸ ਦਾ ਕੰਨਸੈਪਟ ਲੈ ਕੇ ਆਏ ਅਤੇ ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਵਿਦੇਸ਼ਾਂ ਭੇਜਿਆ, ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ, ਜਿਨ੍ਹਾਂ ਬੱਚਿਆਂ ਨੂੰ ਮਨੀਸ਼ ਸਿਸੋਦੀਆ ਨੇ ਚੰਗੀ ਸਿੱਖਿਆ ਦਿੱਤੀ ਉਹ ਅੱਜ ਚੰਗੇ ਅਹੁਦਿਆਂ ‘ਤੇ ਹਨ।
ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਅਤੇ ਪਾਰਟੀ ਵਲੰਟੀਅਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖੁਸ਼ੀ ਦਾ ਦਿਨ ਹੈ।
ਹਰਪਾਲ ਚੀਮਾ ਨੇ ਭਾਰਤੀ ਹਾਕੀ ਟੀਮ, ਨੀਰਜ ਚੋਪੜਾ ਅਤੇ ਮਨੂ ਭਾਕਰ ਨੂੰ ਜਿੱਤ ਦੀ ਦਿੱਤੀ ਵਧਾਈ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਹਾਕੀ ਟੀਮ ਨੀਰਜ ਚੋਪੜਾ ਅਤੇ ਮਨੂ ਭਾਕਰ ਸਮੇਤ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਪੂਰੀ ਦੁਨੀਆਂ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਨੇ ਹਾਕੀ ਟੀਮ ਦੇ 10 ਖਿਡਾਰੀਆਂ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਸਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਏਸ਼ੀਅਨ ਖੇਡ ਵਿਸ਼ਵ ਕੱਪ ਉਲੰਪਿਕ ਖੇਡਾਂ ਵਿੱਚ ਪੰਜਾਬ ਵਿੱਚੋਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੂਰੇ ਯਤਨ ਕਰ ਰਹੀ ਹੈ।