ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੇ ਕੰਮਾਂ ‘ਤੇ ਖਰਚੇਗੀ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ
ਚੰਡੀਗੜ੍ਹ, 24 ਜਨਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੀ ਸਫ਼ਾਈ ‘ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿੱਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸਕਰ ਮਸ਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ ‘ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਹਲਕੇ ਅਤੇ ਉੱਤਰੀ ਹਲਕੇ ਵਿੱਚ ਸੁਪਰ ਸਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ। ਇਹਨਾਂ ਕੰਮਾਂ ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਖੇ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸਕਰ ਮਸੀਨਾਂ ਵਿਭਾਗ ਵੱਲੋ ਮੁਹੱਈਆ ਕਰਵਾਈਆਂ ਜਾਣਗੀਆ। ਉਨ੍ਹਾਂ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸਣ ਤੋਂ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ।