ਪੰਜਾਬ
ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਨਿੱਜੀ ਦਫ਼ਤਰਾਂ, ਜਨਤਕ ਅਤੇ ਇਕੱਠ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾਂ ਲਾਜ਼ਮੀ: ਡਿਪਟੀ ਕਮਿਸ਼ਨਰ
*ਜ਼ਿਲਾ ਮੈਜਿਸਟਰੇਟ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਜਾਰੀ
ਮਾਨਸਾ, 16 ਅਗਸਤ:
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 2 ਦੇ ਅਧੀਨ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦਿਆਂ, ਆਫਤ ਪ੍ਰਬੰਧਨ ਐਕਟ, 2005 ਦੇ ਹੋਰ ਸਾਰੇ ਯੋਗ ਉਪਬੰਧਾਂ ਦੇ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ ਕਿ ਪਾਜ਼ੀਟਿਵ ਕੇਸਾਂ ਦੀ ਗਿਣਤੀ ਅਤੇ ਹਸਪਤਾਲ ਵਿੱਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਜਾਰੀ ਹੁਕਮਾਂ ਵਿਚ ਉਨਾਂ ਕਿਹਾ ਕਿ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫਤਰਾਂ ਅਤੇ ਇਨਡੋਰ ਆਊਟਡੋਰ ਇਕੱਠਾਂ, ਮਾਲਾਂ, ਜਨਤਕ ਸਥਾਨਾਂ ’ਤੇ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਅਤੇ ਹਰੇਕ ਵਿਅਕਤੀ ਦੀ ਤੰਦਰੁਸਤੀ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਕਿਹਾ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਜਨਤਕ ਸਥਾਨਾਂ ‘ਤੇ ਨਾ ਥੁੱਕਣਾ ਆਦਿ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਕੋਵਿਡ-19 ਦੇ ਲੱਛਣਾਂ ਵਾਲੇ ਕਿਸੇ ਵੀ ਵਿਅਕਤੀ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਕੋਵਿਡ -19 ਲਈ ਟੈਸਟਿੰਗ ਕਰਨ ਵਾਲੇ ਸਾਰੇ ਹਸਪਤਾਲ, ਲੈਬ ਕੁਲੈਕਸਨ ਸੈਂਟਰ ਨੈਗਟਿਵ ਪਾਜ਼ੀਟਿਵ ਟੈਸਟਾਂ ਦੀ ਡਿਟੇਲ ਪੰਜਾਬ ਸਰਕਾਰ ਦੇ ਕੋਵਾ ਪੋਰਟਲ ’ਤੇ ਅਪਲੋਡ ਕਰਨ। ਇਸ ਦੇ ਨਾਲ ਹੀ ਮੁਕੰਮਲ ਟੈਸਟਾਂ ਦੀ ਸੂਚੀ ਜ਼ਿਲੇ ਦੇ ਕੋਵਿਡ-19 ਸੈੱਲ ਵਿਖੇ ਵੀ ਦੇਣ।
ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਦੀ ਕੋਵਿਡ-19 ਵੈਕਸੀਨ ਦੀ ਦੂਜੀ ਜਾਂ ਤੀਜੀ ਡੋਜ਼ ਲੈਣੀ ਬਾਕੀ ਹੈ, ਉਨਾਂ ਨੂੰ ਇਹ ਡੋਜ਼ ਜਲਦ ਤੋਂ ਜਲਦੀ ਲਗਵਾਉਣੀ ਚਾਹੀਦੀ ਹੈ।