ਪੰਜਾਬ

ਰਾਜਪਾਲ ਵੱਲੋਂ ਪਹਿਲੇ ਬਿੱਲ ਰੋਕੇ ਜਾਣ ਕਾਰਨ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਸੋਧ ਬਿੱਲ ਵਿਧਾਨ ਸਭਾ ਵਿੱਚ ਮੁੜ ਲਿਆਂਦੇ ਜਾਣਗੇ: ਕੈਪਟਨ ਅਮਰਿੰਦਰ

ਰਾਸ਼ਟਰਪਤੀ ਨੂੰ ਮਿਲਣ ਲਈ ਦੁਬਾਰਾ ਸਮਾਂ ਮੰਗਾਂਗੇ, ਕੇਂਦਰੀ ਗ੍ਰਹਿ ਮੰਤਰੀ ਵੀ ਨਿਰੰਤਰ ਰਾਬਤੇ ਵਿੱਚ
ਚੰਡੀਗੜ, 2 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਖਤਰਨਾਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਵਿੱਚ ਸੂਬੇ ਦੇ ਸੋਧ ਬਿੱਲ ਮੁੜ ਲਿਆਵੇਗੀ ਕਿਉ ਜੋ ਪਹਿਲਾਂ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ।
ਉਨਾਂ ਕਿਹਾ, ‘‘ਅਸੀਂ ਬਿੱਲ ਦੁਬਾਰਾ ਲਿਆਂਵਾਗੇ ਕਿਉਕਿ ਸੰਵਿਧਾਨ ਅਨੁਸਾਰ ਜੇਕਰ ਬਿੱਲਾਂ ਨੂੰ ਵਿਧਾਨ ਸਭਾ ਵੱਲੋਂ ਦੋ ਵਾਰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।’’ ਉਨਾਂ ਅੱਗੇ ਕਿਹਾ ਕਿ ਰਾਜਪਾਲ ਬਿੱਲਾਂ ਨੂੰ ਰੋਕ ਨਹੀਂ ਸਕਦਾ। ਸੰਵਿਧਾਨ ਦੇ ਆਰਟੀਕਲ 254 (99) ਤਹਿਤ ਸੂਬਿਆਂ ਨੂੰ ਕਾਨੂੰਨਾਂ ਵਿੱਚ ਸੋਧ ਲਈ ਅਧਿਕਾਰਤ ਕੀਤਾ ਗਿਆ ਹੈ।
ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਪੰਜਾਬ ਦੇ ਆਗੂਆਂ ਨੂੰ ਇਸ ਆਧਾਰ ’ਤੇ ਮਿਲਣ ਤੋਂ ਨਾਂਹ ਕਰ ਦਿੱਤਾ ਕਿ ਉਨਾਂ ਨੂੰ ਬਿੱਲ ਹਾਸਲ ਨਹੀਂ ਹੋਏ, ਇਸ ਗੱਲ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਨੂੰ ਦੱਸਿਆ ਕਿ ਉਹ ਰਾਸ਼ਟਰਪਤੀ ਕੋਲੋਂ ਦੁਬਾਰਾ ਸਮਾਂ ਮੰਗਣਗੇ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ’ਤੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਰਾਬਤੇ ਵਿੱਚ ਹਨ।
ਸੰਕਟ ਦੇ ਜਲਦੀ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਵੱਲੋਂ ਖਤਰੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨਾਂ ਕਿਹਾ ਕਿ ਸੁਰੱਖਿਆ ਖਤਰੇ ’ਤੇ ਉਨਾਂ ਦਾ ਧਿਆਨ ਉਨਾਂ ਦੀ ਪੰਜਾਬ ਨੂੰ ਗੰਭੀਰ ਚੁਣੌਤੀਆਂ ਪ੍ਰਤੀ ਜਾਗਰੂਕਤਾ ਕਾਰਨ ਬਣਿਆ ਹੈ। ਉਨਾਂ ਕਿਹਾ, ‘‘ਸਾਨੂੰ ਇਹ ਮਾਮਲਾ ਸੁਲਝਾਉਣ ਲਈ ਕੰਮ ਕਰਨਾ ਹੋਵੇਗਾ, ਇਸ ਤੋਂ ਪਹਿਲਾਂ ਕਿ ਗੱਲਾਂ ਹੱਥ ਵਿੱਚੋਂ ਬਾਹਰ ਹੋ ਜਾਣ।’’ ਉਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਕਿੰਨੇ ਡਰੋਨਾਂ, ਹਥਿਆਰਾਂ, ਗੋਲੀ ਸਿੱਕੇ ਦੀ ਤਸਕਰੀ ਹੁੰਦੀ ਹੈ।
42 ਮੰਗਾਂ ਨੂੰ ਲੈ ਕੇ ਪੈਦਾ ਹੋਏ ਪੰਜਾਬ ਸੰਕਟ ਤੋਂ ਪਹਿਲਾਂ ਦੋ ਮਹੀਨੇ ਚੱਲੀ ਗੱਲਬਾਤ ਤੋਂ ਤੁਰੰਤ ਬਾਅਦ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ, ‘‘ਜੇ ਗੁੱਸਾ ਇਥੇ ਪੈਦਾ ਹੁੰਦਾ ਹੈ ਤਾਂ ਇਸ ਦਾ ਸੋਸ਼ਣ ਹੋਵੇਗਾ।’’
ਇਸ ਗੱਲ ਦਾ ਹਵਾਲਾ ਦਿੰਦਿਆ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸਭ ਤੋਂ ਸ਼ਕਤੀਸ਼ਾਲੀ ਹੁੰਦੀ ਹੈ, ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘‘ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।’’ ਉਨਾਂ ਅੱਗੇ ਕਿਹਾ ਕਿ ਜੇ ਇਥੇ ਸ਼ਾਂਤੀ ਨਹੀਂ ਹੋਵੇਗੀ ਤਾਂ ਕੋਈ ਉਦਯੋਗ ਨਹੀਂ ਆਵੇਗਾ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਨੂੰ ਦਿੱਤੀ ਜਾ ਰਹੀ ਸਜ਼ਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦਾ ਕੇਂਦਰ ਵੱਲ 13000 ਕਰੋੜ ਰੁਪਏ ਜੀ.ਐਸ.ਟੀ. ਖੜਾ ਹੈ ਅਤੇ ਇਸ ਤੋਂ ਇਲਾਵਾ 1200 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਵੀ ਖੜਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ’ਤੇ ਗੌਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਦੇਵੇਗੀ।
ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਮੀਟਿੰਗ ਇਸ ਗੱਲ ਲਈ ਬੁਲਾਈ ਗਈ ਹੈ ਕਿ ਇਕ ਸਹਿਮਤੀ ਬਣਾਈ ਜਾਵੇ ਅਤੇ ਇਹ ਸੁਨੇਹਾ ਭੇਜਿਆ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਇਹ ਉਹ ਕਿਸਾਨ ਹਨ ਜਿਨਾਂ ਨੇ ਹਰੀ ਕ੍ਰਾਂਤੀ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਦਿਆਂ ਸਹੀ ਸੇਧ ਦਿੱਤੀ ਹੈ। ਪੰਜਾਬ ਦੀ ਆਵਾਜ਼ ਅਤੇ ਇਥੋਂ ਦੇ ਕਿਸਾਨਾਂ ਦੀ ਆਵਾਜ਼ ਸੁਣਨ ਵਿੱਚ ਨਵੀਂ ਦਿੱਲੀ ਦੇ ਅਸਫਲ ਹੋਣ ’ਤੇ ਅਫਸੋਸ ਜ਼ਾਹਰ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਨੇ ਦਿੱਲੀ ਸਰਹੱਦਾਂ ਉਤੇ ਹੱਡ ਚੀਰਵੀਂ ਠੰਢ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਦੁੱਖ ਤੇ ਬੇਚੈਨੀ ਨੂੰ ਦੇਖਣ ਦੀ ਬਜਾਏ ਕਿਸਾਨਾਂ ਪ੍ਰਤੀ ਆਪਣੇ ਰੁਖ ਨੂੰ ਸਖਤ ਕਰ ਲਿਆ ਜਾਪਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!