MSP ਵਧਾ ਕੇ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ: ਅਸ਼ਵਨੀ ਸ਼ਰਮਾ
ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਲਈ ਅਸ਼ਵਨੀ ਸ਼ਰਮਾ ਨੇ ਮੋਦੀ ਸਰਕਾਰ ਦਾ ਕੀਤਾ ਧੰਨਵਾਦ।
ਚੰਡੀਗੜ੍ਹ 18 ਅਕਤੂਬਰ ( ), ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਡਾ ਫੈਸਲਾ ਲੈਂਦਿਆਂ ਉਹਨਾਂ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਖੁਸ਼ ਕਰਨ ਵਾਲਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਸਾਲ 2023-24 ਲਈ ਹਾੜੀ (ਸਰਦੀਆਂ) ਦੀਆਂ ਵੱਖ-ਵੱਖ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਦਾਲ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ‘ਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ਅਤੇ ਸਰ੍ਹੋਂ ‘ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਮੁੱਖ ਹਾੜੀ ਦੀ ਫ਼ਸਲ ਕਣਕ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਅਤੇ ਨਰਮ ਫੁੱਲਾਂ ਦੀ ਫ਼ਸਲ ਵਿੱਚ 209 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਨਿਰੰਤਰ ਕੰਮ ਕਰ ਰਹੀ ਹੈI ਅੱਜ ਕਿਸਾਨਾਂ ਦੀ ਆਮਦਨ ਵਿੱਚ ਵੀ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਹੈ। ਸਰਕਾਰ ਹਰ ਸਾਲ ਉਨ੍ਹਾਂ ਦੀਆਂ ਫਸਲਾਂ ਦੇ ਭਾਅ ਵਧਾ ਕੇ ਉਨ੍ਹਾਂ ਨੂੰ ਚੰਗਾ ਭਾਅ ਦੇ ਰਹੀ ਹੈ। ਸ਼ਰਮਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਨਾਲ ਕਿਸਾਨਾਂ ਨੂੰ ਨਾ ਸਿਰਫ਼ ਫ਼ਸਲਾਂ ਦਾ ਵਧੀਆ ਭਾਅ ਮਿਲਦਾ ਹੈ, ਸਗੋਂ ਜੇਕਰ ਕਿਸਾਨਾਂ ਲਈ ਬਿਜਾਈ ਸਮੇਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਧਾਇਆ ਜਾਂਦਾ ਹੈ ਤਾਂ ਉਨ੍ਹਾਂ ਦਾ ਮਨੋਬਲ ਹੋਰ ਵੀ ਉੱਚਾ ਹੁੰਦਾ ਹੈ।