ਪੰਜਾਬ

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿਜ ਦੇ ਪੁਤਲੇ ਫੂਕੇ

 

ਸੰਗਰੂਰ, 23 ਫਰਵਰੀ 2024: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਅਧੀਨ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਸਾੜੇ ਗਏ। ਇਹ ਪੁਤਲੇ ਇਸ ਲਈ ਸਾੜੇ ਗਏ ਕਿਉਂਕਿ ਕਿਰਤੀ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਆਪਣੇ ਹੱਕਾਂ ਲਈ ਬਾਡਰਾਂ ਤੇ ਪ੍ਰਦਰਸ਼ਨ ਕਰ ਰਹੇ ਹਨ, ਪਿਛਲੇ ਦਿਨੀਂ ਜ਼ੋ ਭਾਜਪਾ ਦੀ ਸਰਕਾਰ ਵੱਲੋਂ ਤਸ਼ੱਦਦ ਕਰਕੇ ਕਿਸਾਨਾਂ ਨੂੰ ਫੱਟੜ ਕੀਤਾ ਹੈ ਅਤੇ ਇਸ ਤਸ਼ੱਦਦ ਨਾਲ ਕੁਝ ਕਿਸਾਨਾਂ ਦੀ ਜਾਨ ਵੀ ਚਲੀ ਗਈ, ਜਿਵੇਂ ਕਿ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਪੱਧਰ ਤੇ ਕਾਲੇ ਦਿਨ ਵਜੋਂ ਮਨਾਇਆ ਗਿਆ।

 

ਅੱਜ ਦੇ ਇਸ ਧਰਨੇ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਜ਼ੋ ਭਾਰਤ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਹਨ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜ਼ਾਰੀ ਹਨ। ਉਹਨਾਂ ਕਿਹਾ ਕਿ ਆਉਣ ਸਮੇਂ ਵਿੱਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 26 ਫਰਵਰੀ ਨੂੰ ਵੱਡੇ ਪੱਧਰ ਤੇ ਟਰੈਕਟਰ ਮਾਰਚ ਕੀਤਾ ਜਾਵੇਗਾ ਤੇ ਨਾਲ ਹੀ ਮੋਦੀ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ, ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਐਮ ਐਸ ਪੀ ਦੀ ਕਨੂੰਨੀ ਗਰੰਟੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ, ਦਿੱਲੀ ਘੋਲ ਸਮੇਂ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ ਪੂਰਨ ਕਰਜ਼ਾ ਮਾਫ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਬਿਜਲੀ ਬਿੱਲ 2020 ਰੱਦ ਕੀਤਾ ਜਾਵੇ।

 

ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਜੰਗੀ ਪੱਧਰ ਤੇ ਲਿਜਾਣ ਲਈ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਜੇਕਰ ਭਾਜਪਾ ਸਰਕਾਰ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਝ ਨਾ ਆਈਂ ਤਾਂ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦਾ ਰੋਹ ਝੱਲਣ ਲਈ ਤਿਆਰ ਰਹੇ।

 

ਇਸ ਮੋਕੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭੁਟਾਲ, ਮਨਜੀਤ ਸਿੰਘ ਘਰਾਚੋਂ, ਰਿੰਕੂ ਮੂਣਕ, ਜਗਤਾਰ ਸਿੰਘ ਲੱਡੀ, ਮਨਜੀਤ ਸਿੰਘ ਕਿਲ੍ਹਾ ਹਕੀਮਾਂ, ਭਰਪੂਰ ਸਿੰਘ ਮੌੜਾਂ ਅਤੇ ਔਰਤ ਆਗੂ ਜਸਵੀਰ ਕੌਰ ਉਗਰਾਹਾਂ, ਕਰਮਜੀਤ ਕੌਰ ਭਿੰਡਰਾਂ, ਪਰਮਜੀਤ ਕੌਰ ਲਹਿਲ ਕਲਾਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!