ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ
13 ਮਾਰਚ (ਚੰਡੀਗੜ੍ਹ ) ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਡਿਊਟੀ ਕਰ ਰਹੇ ਕੱਚੇ ਮੁਲਾਜ਼ਮਾਂ ਦੀਆਂ ਆਸਾਂ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਹੋਈ।
ਮੀਟਿੰਗ ਤੋਂ ਬਾਅਦ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਸ਼ੇ ਖਾਂ,ਜਨਰਲ ਸਕੱਤਰ ਅਮ੍ਰਿਤਪਾਲ ਸਿੰਘ,ਪ੍ਰੈਸ ਸਕੱਤਰ ਅਮਰੀਕ ਸਿੰਘ, ਚੇਅਰਮੈਨ ਰਣਧੀਰ ਸਿੰਘ,ਵਿੱਤ ਸਕੱਤਰ ਸੰਜੀਵ ਕਾਕੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਪਾਲਿਸੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਦਸ ਜਾਂ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਨੌਕਰੀ ਕਰ ਰਹੇ ਮੁਲਾਜ਼ਮਾਂ ਦਾ ਸਿਰਫ਼ ਕੰਟਰੈਕਟਰ ਸਰਕਾਰ 58 ਸਾਲ ਦੀ ਉਮਰ ਤੱਕ ਕਰ ਰਹੀ ਹੈ ਨਾ ਕਿ ਪੱਕੇ ਕਰ ਰਹੀ ਹੈ। ਨਾ ਤਾਂ ਇਸ ਨਾਲ ਕੋਈ ਤਨਖ਼ਾਹਾਂ ਵਿੱਚ ਵਾਧਾ ਹੋਵੇਗਾ ਅਤੇ ਨਾ ਹੀ ਕੋਈ ਭੱਤਾ ਆਦਿ ਲਾਭ ਮਿਲ ਰਿਹਾ ਹੈ। ਫਿਰ ਵੀ ਮੰਤਰੀ ਸਾਹਿਬ ਨੇ ਦੱਸਿਆ ਕਿ ਇਸਦਾ ਨੋਟੀਫਿਕੇਸ਼ਨ ਵੀ ਲੋਕ ਸਭਾ ਚੋਣਾਂ ਤੋਂ ਬਾਅਦ ਹੋਵੇਗਾ। ਪ੍ਰੋਸੋਨਲ ਵਿਭਾਗ ਵੱਲੋਂ ਮਿਤੀ 19/01/2024 ਨੂੰ ਇੱਕ ਪੱਤਰ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਜਾਰੀ ਕਰਕੇ ਸੇਵਾ ਸ਼ਰਤਾਂ ਮੰਗੀਆਂ ਗਈਆਂ ਸਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਆਖ ਰਹੀ ਹੈ ਕਿ ਉਕਤ ਪੱਤਰ ਉਨ੍ਹਾਂ ਨੂੰ ਪ੍ਰਾਪਤ ਹੀ ਨਹੀਂ ਹੋਇਆ ਜਦਕਿ ਸਿਹਤ ਵਿਭਾਗ ਨੇ ਅਗਲੀ ਕਾਰਵਾਈ ਵੀ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰਾਂ ਦੇ ਝੂਠੇ ਲਾਰਿਆਂ ਕਰਕੇ ਹੀ ਉਹ ਪੰਦਰਾਂ ਸਾਲਾਂ ਤੋਂ ਰੁਲ ਰਹੇ ਹਨ। ਆਮ ਆਦਮੀ ਪਾਰਟੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਲਾਰਿਆਂ ਡੰਗ ਟਪਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ ਤੋਂ ਹਰ ਇੱਕ ਭਾਸ਼ਨ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਦਾਅਵਾ ਕਰਦੇ ਰਹੇ ਹਨ, ਕਰੋੜਾਂ ਰੁਪਏ ਖਰਚ ਕੇ ਇਸ਼ਤਿਹਾਰ ਬਾਜ਼ੀ ਵੀ ਕੀਤੀ ਗਈ ਹੈ ਪਰ ਇਸ ਬਜ਼ਟ ਇਜਲਾਸ ਵਿੱਚ ਜ਼ਿਕਰ ਤੱਕ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਜ਼ੁਬਾਨ ਵੀ ਕੱਚੇ ਮੁਲਾਜ਼ਮਾਂ ਬਾਰੇ ਬੋਲਣ ਤੋਂ ਡਰਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਆਉਂਦੇ ਦੋ ਦਿਨਾਂ ਵਿੱਚ ਵੀ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਨੇ ਅਗਲੀ ਕਾਰਵਾਈ ਸ਼ੁਰੂ ਨਾ ਕੀਤੀ ਤਾਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ