ਪੰਜਾਬ

ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ


ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ


ਚੰਡੀਗੜ੍ਹ, 4 ਜੁਲਾਈ:

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿੱਚ ਪੰੰਜਾਬ  ਨੂੰ  ਇੱਕ ਮਿਸਾਲੀ ਮਾਡਲ ਵੱਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ , ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫਡਬਲਿਊ) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ।

ਉਹਨਾਂ  ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ  ਹੈ। ਸਿਹਤ ਮੰਤਰੀ  ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ  ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ  ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ  ਲੋਕਾਂ ਦੀ ਸਿਹਤ ਨੂੰ ਦਾਅ ‘ਤੇ ਲਾ ਕੇ ਅਜਿਹੇ ਹਥਕੰਡੇ  ਵਰਤ ਕੇ ਸਰਕਾਰ ‘ਤੇ ਦਬਾਅ ਬਣਾਉਣਾ ਵਾਜਿਬ ਨਹੀਂ ਹੈ।

ਇਸ ਮੀਟਿੰਗ ਵਿੱਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!