ਪੰਜਾਬ
ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਸਰਕਾਰ ਦੀ ਨਵੀਂ ਪਾਲਿਸੀ ਨੂੰ ਮੰਨਣ ਤੋਂ ਭੱਜੀ
ਰੋਸ਼ ਵਜੋਂ ਨਰੇਗਾ ਮੁਲਾਜ਼ਮ ਕੱਲ 12 ਅਕਤੂਬਰ ਨੂੰ ਘੇਰਨਗੇ ਪੰਚਾਇਤ ਵਿਭਾਗ ਦਾ ਮੁੱਖ ਦਫ਼ਤਰ ਮੋਹਾਲੀ
ਮੋਹਾਲੀ, 11 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਪਣੀ ਵਚਨਬੱਧਤਾ ਵਾਰ-ਵਾਰ ਦੁਹਰਾਈ ਜਾ ਰਹੀ ਹੈ। ਇਸ ਸੰਬੰਧੀ ਸਰਕਾਰ ਵੱਲੋਂ ਇੱਕ ਪਾਲਿਸੀ ਵੀ ਬਣਾਈ ਗਈ ਹੈ। ਜਿਸ ਤਹਿਤ ਕੱਚੇ ਅਧਿਆਪਕਾਂ ਨੂੰ ਪੱਕੇ ਵੀ ਕੀਤਾ ਜਾ ਰਿਹਾ ਹੈ। ਭਾਵੇਂ ਕਿ ਪਾਲਿਸੀ ਤਹਿਤ ਮੁਲਾਜ਼ਮ ਪੂਰੀ ਤਰ੍ਹਾਂ CSR ਰੂਲਾਂ ਤਹਿਤ ਪੱਕੇ ਨਹੀਂ ਹੋ ਰਹੇ ਪ੍ਰੰਤੂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਪਿਛਲੇ ਪੰਦਰਾਂ ਸਾਲਾਂ ਤੋਂ ਪਾਰਦਰਸ਼ੀ ਢੰਗ ਨਾਲ ਭਰਤੀ ਕੀਤੇ ਨਰੇਗਾ ਮੁਲਾਜ਼ਮਾਂ ਨੂੰ ਇਸ ਪਾਲਿਸੀ ਵਿੱਚ ਲੈਣ ਤੋਂ ਵੀ ਇਨਕਾਰ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨਵੀਂ ਪਾਲਿਸੀ ਤਹਿਤ ਆਨਲਾਈਨ ਅਰਜ਼ੀਆਂ ਲੈਣ ਲਈ ਜਾਰੀ ਕੀਤੇ ਪੋਰਟਲ ਤੇ ਅਪਲੋਡ ਕੀਤਾ ਡਾਟਾ ਵੈਰੀਫਾਈ ਕਰਨ ਤੋਂ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਕੋਰੀ ਨਾਂਹ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ 1 ਤੋਂ 30 ਸਤੰਬਰ ਦਾ ਸਮਾਂ ਵਿਭਾਗਾਂ ਨੂੰ ਡਾਟਾ ਵੈਰੀਫਾਈ ਕਰਨ ਲਈ ਦਿੱਤਾ ਗਿਆ ਸੀ ਪ੍ਰੰਤੂ ਡਾਟਾ ਵੈਰੀਫਾਈ ਕਰਨ ਤੋਂ ਮੁੱਕਰੀ ਅਫ਼ਸਰਸ਼ਾਹੀ ਦਾ ਤਰਕ ਹੈ ਕਿ ਪ੍ਰੋਸੋਨਲ ਵਿਭਾਗ ਇਹ ਸਪੱਸ਼ਟ ਕਰੇ ਕਿ ਕੇਂਦਰੀ ਸਕੀਮ ਵਿੱਚ ਭਰਤੀ ਕੀਤੇ ਨਰੇਗਾ ਮੁਲਾਜ਼ਮ ਪਾਲਿਸੀ ਤਹਿਤ ਪੱਕੇ ਹੋ ਸਕਦੇ ਹਨ ਜਾਂ ਨਹੀਂ। ਜਦੋਂ ਕਿ ਪ੍ਰੋਸੋਨਲ ਵਿਭਾਗ ਵੱਲੋਂ ਪਹਿਲਾਂ ਹੀ ਪੰਚਾਇਤ ਵਿਭਾਗ ਵੱਲੋਂ ਮੰਗੀ ਸੇਧ ਵਿੱਚ ਸਪੱਸ਼ਟ ਕਰ ਚੁੱਕਾ ਹੈ ਕਿ ਪਾਰਦਰਸ਼ੀ ਢੰਗ ਨਾਲ ਭਰਤੀ ਕੀਤੇ ਦਸ ਸਾਲਾਂ ਤੋਂ ਵੱਧ ਸਮੇਂ ਤੋਂ ਨੌਕਰੀ ਕਰ ਰਹੇ ਮੁਲਾਜ਼ਮ ਪੱਕੇ ਕੀਤੇ ਜਾ ਸਕਦੇ ਹਨ ਭਾਵੇਂ ਉਹ ਕੇਂਦਰੀ ਸਕੀਮਾਂ ਵਿੱਚ ਡਿਊਟੀ ਕਰ ਰਹੇ ਹੋਣ ਜਾਂ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ। ਇਸ ਤੇ ਅੰਤਿਮ ਫ਼ੈਸਲਾ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੇ ਹੀ ਲੈਣਾ ਹੈ।
ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਸ਼ੇ ਖਾਂ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ,ਵਿੱਤ ਸਕੱਤਰ ਸੰਜੀਵ ਕਾਕੜਾ, ਚੇਅਰਮੈਨ ਰਣਧੀਰ ਸਿੰਘ,ਮੀਤ ਪ੍ਰਧਾਨ ਇਸ਼ਵਰਪਾਲ, ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿੱਚ ਆਤਮਾ ਸਕੀਮ, ਸਿਹਤ ਵਿਭਾਗ ਵਿੱਚ ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਸਿੱਖਿਆ ਵਿਭਾਗ ਵਿੱਚ ਮਿਡ ਡੇਅ ਮੀਲ ਸਕੀਮ ਤਹਿਤ ਭਰਤੀ ਕੀਤੇ ਮੁਲਾਜ਼ਮਾਂ ਦਾ ਡਾਟਾ ਵੈਰੀਫਾਈ ਹੋ ਕੇ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾ ਚੁੱਕੀਆਂ ਹਨ ਜੋ ਕਿ ਸਿੱਧੇ ਤੌਰ ਤੇ ਕੇਂਦਰੀ ਸਕੀਮਾਂ ਦੇ ਮੁਲਾਜ਼ਮ ਸਨ। ਸਰਕਾਰ ਵੱਲੋਂ ਹਾਲ ਹੀ ਵਿੱਚ ਪੱਕੇ ਕੀਤੇ ਅਧਿਆਪਕਾਂ ਵਿੱਚ ਸਿੱਖਿਆ ਪ੍ਰੋਵਾਇਡਰ ਨਿਰੋਲ ਕੇਂਦਰੀ ਫੰਡਾਂ ਵਿੱਚ ਤਨਖ਼ਾਹਾਂ ਲੈ ਰਹੇ ਹਨ ਉਹ ਵੀ ਪੱਕੇ ਹੋਏ ਹਨ ਪ੍ਰੰਤੂ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਨਰੇਗਾ ਲੇਖੇ ਲਾ ਚੁੱਕੇ ਮੁਲਾਜ਼ਮਾਂ ਨੂੰ ਪਾਲਿਸੀ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਸੰਬੰਧੀ ਜਦੋਂ ਸਾਡੀ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਜੀ ਦੇ ਵੀ ਮਾਮਲਾ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ ਪਰ ਅਜੇ ਕੋਈ ਹਿੱਲਜੁੱਲ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ 7 ਅਕਤੂਬਰ ਦੀ ਲੁਧਿਆਣਾ ਸੂਬਾ ਪੱਧਰੀ ਮੀਟਿੰਗ ਵਿੱਚ ਲਏ ਫ਼ੈਸਲਿਆਂ ਅਨੁਸਾਰ 12 ਅਕਤੂਬਰ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਕਰਕੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਦਾ ਘਿਰਾਓ ਕੀਤਾ ਜਾਵੇਗਾ। ਇਹ ਦੱਸਣਯੋਗ ਹੈ ਕਿ ਪੇਂਡੂ ਖੇਤਰ ਦੇ ਲਗਭਗ 80 ਫ਼ੀਸਦੀ ਵਿਕਾਸ ਦੇ ਕੰਮ ਨਰੇਗਾ ਰਾਹੀਂ ਹੀ ਕਰਵਾਏ ਜਾ ਰਹੇ ਹਨ। ਨਰੇਗਾ ਮੁਲਾਜ਼ਮਾਂ ਦੀ ਹੜਤਾਲ ਨਾਲ ਵਿਭਾਗ ਦੇ ਕੰਮਾਂ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਤੇ ਪੈਣ ਵਾਲੇ ਪ੍ਰਭਾਵ ਸੰਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਮੰਗ ਪੱਤਰਾਂ ਰਾਹੀਂ ਜਾਣੂੰ ਕਰਵਾਇਆ ਜਾ ਚੁੱਕਾ ਹੈ।