ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ
ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ
ਅੱਜ ਕੀਤੀ ਦੇਸ਼ ‘ਚ ਇਸ ਕਿਸਮ ਦੀ ਪਹਿਲੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਸੁਣੀਆਂ
ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਮੌਕੇ ‘ਤੇ ਹੀ ਸਬੰਧੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਚੰਡੀਗੜ, 4 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।
ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੀ ਆਨਲਾਈਨ ਐਨ.ਆਰ.ਆਈ ਮਿਲਣੀ ਹੈ।
ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਸ੍ਰੀ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਸ਼੍ਰੀਮਤੀ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਸ੍ਰੀ ਰਾਜਪਾਲ ਸਿੰਘ ਸੰਧੂ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।