ਪੰਜਾਬ

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 

– ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ
– 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ
– ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ
– ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ‘ਤੇ ਚੌਕਸੀ ਰੱਖਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 14 ਅਪ੍ਰੈਲ:
ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-VI’ ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ‘ਓਪੀਐਸ ਸੀਲ-VI’ ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਨਿੱਜੀ ਤੌਰ ‘ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ।
ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!