ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੀ ਪੱਧਰ ‘ਤੇ ਰਾਹਤ ਕਾਰਜ ਜਾਰੀ

11 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂਧਨ ਨੂੰ ਦਵਾਈਆਂ ਲਈ ਹਰੇਕ ਜ਼ਿਲ੍ਹੇ ਨੂੰ 50,000 ਰੁਪਏ ਦੀ ਰਾਸ਼ੀ ਦੀ ਕੀਤੀ ਵੰਡ

– ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਦੀ ਗ੍ਰਾਂਟ ਵੀ ਕੀਤੀ ਜਾਰੀ
– ਖੁਰਾਕ ਸਪਲਾਈ ਵਿਭਾਗ ਵੱਲੋਂ ਵੰਡੇ ਜਾ ਰਹੇ ਹਨ ਸੁੱਕੇ ਰਾਸ਼ਨ ਦੇ ਪੈਕੇਟ
– ਐਨ.ਡੀ.ਆਰ.ਐਫ. ਦੀਆਂ 14 ਟੀਮਾਂ ਅਤੇ ਐਸ.ਡੀ.ਆਰ.ਐਫ ਦੀਆਂ 2 ਟੀਮਾਂ 24 ਘੰਟੇ ਕਾਰਜਸ਼ੀਲ
ਚੰਡੀਗੜ੍ਹ, 11 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਦੇ ਨਾਲ-ਨਾਲ ਪਸ਼ੂ ਧੰਨ ਦੀ ਸੁਰੱਖਿਆ ਲਈ ਵੀ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਰਹੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਰੋਪੜ, ਪਟਿਆਲਾ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਮੋਗਾ, ਜਲੰਧਰ, ਫਿਰੋਜ਼ਪੁਰ, ਕਪੂਰਥਲਾ, ਤਰਨ ਤਾਰਨ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਸੀਨੀਅਰ ਵੈਟਰਨਰੀ ਅਫਸਰਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਜ਼ਿਲ੍ਹਾ ਦਵਾਈਆਂ ਖਰੀਦ ਕੇ ਭੇਜ ਦਿੱਤੀਆਂ ਹਨ ਤਾਂ ਜੋ ਪਸ਼ੂਆਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ।
ਇਸ ਤੋਂ ਇਲਾਵਾ ਵੈਟਰਨਰੀ ਡਾਕਟਰਾਂ ਤੇ ਹੋਰ ਸਟਾਫ ਆਧਾਰਤ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀ ਤੈਨਾਤੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੀਤੀ ਗਈ ਹੈ। ਜੇਕਰ ਲੋੜ ਪੈਂਦੀ ਹੈ ਤਾਂ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਵੀ ਮਨੁੱਖੀ ਜਾਨਾਂ ਦੀ ਰੱਖਿਆ ਲਈ ਹਸਪਤਾਲਾਂ ਨੂੰ ਗਰਾਂਟ ਜਾਰੀ ਕਰ ਦਿੱਤੀ ਹੈ ਤਾਂ ਜੋ ਲੋਂੜੀਦੀਆਂ ਦਵਾਈਆਂ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਨੂੰ 12.5 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਰੈਪਿਡ ਰਿਸਪਾਂਸ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਨੋਡਲ ਅਧਿਕਾਰੀਆਂ ਦੀ ਤੈਨਾਤੀ ਕਰ ਦਿੱਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਸਾਰੇ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰਕੇ ਨੰਬਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਿਹਨਾਂ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੈ ਉੱਥੇ ਸਥਾਈ ਮੈਡੀਕਲ ਕੈਂਪ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਵਲ ਸਰਜਨ ਅਤੇ ਰੈਪਿਡ ਰਿਸਪਾਂਸ ਟੀਮਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਵੱਧ ਖਤਰੇ ਵਾਲੇ ਪਿੰਡਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਯਤਨਸ਼ੀਲ ਹਨ। ਪਾਣੀ ਘਟਣ ਤੋਂ ਬਾਅਦ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਵੇਗਾ। ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਲਾਰਵੀਸਾਈਡਜ਼, ਅਡੱਲਟੀਸਾਈਡਜ਼ ਅਤੇ ਪੰਪ ਮੁਹੱਈਆ ਕਰਵਾਏ ਜਾ ਚੁੱਕੇ ਹਨ । ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 7500 ਤੋਂ ਵੱਧ ਮੈਡੀਕਲ ਸਟਾਫ਼ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਹੜ੍ਹਾਂ ਨਾਲ ਨਜਿੱਠਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੁੱਲ 33.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਕੁਦਰਤੀ ਆਫਤ ਵਿਚ ਸਰਕਾਰ ਪੰਜਾਬ ਵਾਸੀਆਂ ਦੇ ਨਾਲ ਹੈ ਅਤੇ ਸਾਰੇ ਪ੍ਰਭਾਵਿਤ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਰਾਹਤ ਕਾਰਜਾਂ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਐਨਡੀਆਰਐਫ ਦੀਆਂ 14 ਟੀਮਾਂ ਅਤੇ ਐਸਡੀਆਰਐਫ ਦੀਆਂ 2 ਟੀਮਾਂ ( ਜਲੰਧਰ ਅਤੇ ਕਪੂਰਥਲਾ) ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਾਰਜਸ਼ੀਲ ਹਨ। ਇਨ੍ਹਾਂ ਵਿਚੋਂ  ਐਨਡੀਆਰਐਫ ਦੀਆਂ 3 ਟੀਮਾਂ ਮੋਹਾਲੀ ‘ਚ, ਰੂਪਨਗਰ ਵਿਚ 5, ਪਟਿਆਲਾ ‘ਚ 2, ਜਲੰਧਰ, ਫਤਿਹਗੜ੍ਹ, ਸੰਗਰੂਰ ਤੇ ਐਸਬੀਐਸ ਨਗਰ ‘ਚ 1-1 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 3 ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਸੋਮਵਾਰ ਰਾਤ ਤੱਕ 9000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਖੁਰਾਕ ਸਪਲਾਈ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਾਲੇ ਖੇਤਰਾਂ ਜਿਵੇਂ ਮੋਹਾਲੀ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਰੂਪਨਗਰ, ਕਪੂਰਥਲਾ, ਨਵਾਂਸ਼ਹਿਰ ਅਤੇ ਸੰਗਰੂਰ ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਜਾ ਰਹੇ ਹਨ। ਇਹਨਾਂ ਪੈਕੇਟਾਂ ਵਿੱਚ ਗਲੂਕੋਜ਼ ਬਿਸਕੁਟ (2 ਪੈਕੇਟ), ਪਾਣੀ ਦੀਆਂ ਬੋਤਲਾਂ (2), ਸੁੱਕਾ ਦੁੱਧ ਪਾਊਡਰ (40 ਗ੍ਰਾਮ) ਜਾਂ ਵੇਰਕਾ ਫਿਨੋ ਦੇ 2 ਟੈਟਰਾ ਪੈਕ, ਬਰੈਡ (1 ਛੋਟਾ ਪੀਸ), ਪਿੰਨੀ (2 ਪੀਸ) ਪਲਾਸਟਿਕ ਦਾ ਚਮਚਾ (1), ਪਲਾਸਟਿਕ ਕੱਪ (2) ਅਤੇ ਮੋਮਬੱਤੀ (1), ਮਾਚਿਸ ਬਾਕਸ (1) ਸ਼ਾਮਲ ਹੈ।
ਸਬੰਧਤ ਜ਼ਿਲ੍ਹਿਆਂ ਵੱਲੋਂ 38,300 ਪੈਕਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੀ ਪੂਰਤੀ ਲਈ ਜਲੰਧਰ, ਮੁਹਾਲੀ, ਅੰਮ੍ਰਿਤਸਰ, ਪਟਿਆਲਾ ਅਤੇ ਲੁਧਿਆਣਾ ਦੇ ਪੰਜ ਨੋਡਲ ਪੁਆਇੰਟਾਂ ਜਿਵੇਂ ਜਲੰਧਰ ਦੇ ਮਾਰਕਫੈਡ ਕੈਨਰੀਜ਼ (ਜਲੰਧਰ, ਕਪੂਰਥਲਾ, ਨਵਾਂਸ਼ਹਿਰ ਜ਼ਿਲ੍ਹਿਆਂ ਲਈ), ਮੁਹਾਲੀ ਮਿਲਕ ਪਲਾਂਟ (ਮੁਹਾਲੀ, ਰੋਪੜ, ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਲੁਧਿਆਣਾ (ਲੁਧਿਆਣਾ ਤੇ ਮੋਗਾ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਪਟਿਆਲਾ (ਪਟਿਆਲਾ, ਸੰਗਰੂਰ ਜ਼ਿਲ੍ਹਿਆਂ ਲਈ), ਮਿਲਕ ਪਲਾਂਟ ਅੰਮ੍ਰਿਤਸਰ (ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਲਈ) ਵਿਖੇ ਭਾਰੀ ਮਾਤਰਾ ਵਿੱਚ ਸੁੱਕੇ ਭੋਜਨ ਦੇ ਪੈਕੇਟ ਤਿਆਰ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!