ਪੰਜਾਬ
*ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾ ਕੇ ਧਰਨਾ ਕਰਵਾਇਆ ਖਤਮ*WATCH VIDEO*
*ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਸਨ ਖੇਤੀਬਾੜੀ ਵਿਕਾਸ ਅਫਸਰ*
ਚੰਡੀਗੜ੍ਹ/ਸਾਹਿਬਜਾਦਾ ਅਜੀਤ ਸਿੰਘ ਨਗਰ, 30 ਅਗਸਤ: ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫਤਰ ਵਿਖੇ ਧਰਨੇ `ਤੇ ਬੈਠੇ ਖੇਤੀਬਾੜੀ ਵਿਕਾਸ ਅਫਸਰਾਂ ਨੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ।ਅੱਜ ਖੇਤੀਬਾੜੀ ਮੰਤਰੀ ਨੇ ਪਹਿਲਾਂ ਧਰਨਾ ਦੇ ਰਹੇ ਖੇਤੀਬਾੜੀ ਵਿਕਾਸ ਅਫਸਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਗੁਰਵਿੰਦਰ ਸਿੰਘ ਵੀ ਸ਼ਾਮਿਲ ਹੋਵੇ।
ਮੀਟਿੰਗ ਦੌਰਾਨ ਖੇਤੀਬਾੜੀ ਅਫਸਰਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ। ਇਸ ਉਪਰੰਤ ਖੇਤੀਬਾੜੀ ਮੰਤਰੀ ਨੇ ਧਰਨੇ ਵਿਚ ਖੁਦ ਪਹੁੰਚ ਕੇ ਭਰੋਸਾ ਦਿਵਾਇਆ ਕਿ ਖੇਤੀਬਾੜੀ ਅਫਸਰਾਂ ਦੀਆਂ ਮੰਗਾਂ ਮੰਨਣ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਖੇਤੀ ਬਚਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਮੱਦਦ ਕਰਨ।ਉਨਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਕੰਮ ਕਰਨ ਵਾਲੇ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਾਥ ਦੇਣਗੇ।ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਕਰਨਗੇ।
ਧਰਨਾ ਖਤਮ ਕਰਨ ਦਾ ਐਲਾਨ ਕਰਦਿਆਂ ਖੇਤੀਬਾੜੀ ਵਿਕਾਸ ਅਫਸਰਾਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੰਦਿਆਂ ਸੂਬਾ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ।