ਜਾਤੀਵਾਦੀ ਟਿੱਪਣੀਆਂ ਤੋਂ ਪ੍ਰੇਸ਼ਾਨ ਐਮ.ਬੀ.ਬੀ.ਐਸ. ਇੰਟਰਨ ਨੇ ਕੀਤੀ ਖੁਦਕੁਸ਼ੀ:- ਐਨਸੀਐਸਸੀ ਨੇ ਅੰਮ੍ਰਿਤਸਰ ਪ੍ਰਸ਼ਾਸਨ ਤੋਂ ਮੰਗੀ ਕਾਰਵਾਈ ਦੀ ਰਿਪੋਰਟ
ਜਾਤੀਵਾਦੀ ਟਿੱਪਣੀਆਂ ਤੋਂ ਪਰੇਸ਼ਾਨ, ਐਮ.ਬੀ.ਬੀ.ਐਸ. ਇੰਟਰਨ ਨੇ ਹੋਸਟਲ ਵਿੱਚ ਕੀਤੀ ਖੁਦਕੁਸ਼ੀ: ਐਨਸੀਐਸਸੀ ਨੇ ਡਿਵੀਜ਼ਨਲ ਕਮਿਸ਼ਨਰ, ਆਈ.ਜੀ.ਪੀ., ਡੀ.ਸੀ., ਅਤੇ ਸੀ.ਪੀ. ਨੂੰ ਏ.ਟੀ.ਆਰ. ਜਮ੍ਹਾ ਕਰਨ ਲਈ ਕਿਹਾ
ਚੰਡੀਗੜ੍ਹ, 14 ਮਾਰਚ, 2023
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਅਧਿਆਪਕਾਂ ਵੱਲੋਂ ਕੀਤੀ ਜਾਤੀਵਾਦੀ ਟਿੱਪਣੀ ਤੋਂ ਦੁਖੀ ਹੋ ਕੇ ਕਾਲਜ ਦੇ ਹੋਸਟਲ ਵਿੱਚ ਇੱਕ ਐਮਬੀਬੀਐਸ ਇੰਟਰਨ ਵੱਲੋਂ ਕੀਤੀ ਖ਼ੁਦਕੁਸ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਤੁਰੰਤ ਪੇਸ਼ ਕਰਨ ਲਈ ਕਿਹਾ ਹੈ।
ਕਈ ਅਖ਼ਬਾਰਾਂ ਵਿੱਚ ਛਪੀਆਂ ਖ਼ਬਰਾਂ ਤੋਂ ਐਨਸੀਐਸਸੀ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਧੀ ਕਾਲਜ ਦੇ ਅਧਿਆਪਕਾਂ ਵੱਲੋਂ ਜਾਤੀਸੂਚਕ ਟਿੱਪਣੀਆਂ ਤੋਂ ਪ੍ਰੇਸ਼ਾਨ ਹੈ, ਜਿਸ ਨੇ ਕਿਹਾ ਕਿ ਉਹ ਉਸ ਨੂੰ ਡਾਕਟਰ ਨਹੀਂ ਬਣਨ ਦੇਣਗੇ।
ਤੁਰੰਤ ਕਾਰਵਾਈ ਕਰਦੇ ਹੋਏ, ਐਨਸੀਐਸਸੀ ਕਮਿਸ਼ਨ ਨੇ ਡਿਵੀਜ਼ਨਲ ਕਮਿਸ਼ਨਰ (ਜਲੰਧਰ ਡਿਵੀਜ਼ਨ), ਇੰਸਪੈਕਟਰ ਜਨਰਲ ਆਫ਼ ਪੁਲਿਸ (ਬਾਰਡਰ ਰੇਂਜ), ਡਿਪਟੀ ਕਮਿਸ਼ਨਰ (ਅੰਮ੍ਰਿਤਸਰ ਜ਼ਿਲ੍ਹਾ) ਅਤੇ ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਨੂੰ ਮਾਮਲੇ ਦੀ ਜਾਂਚ ਕਰ, ਮਾਮਲੇ ‘ਤੇ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਪੋਸਟ ਜਾਂ ਈਮੇਲ ਰਾਹੀਂ ਪੇਸ਼ ਕਰਨ ਲਈ ਕਿਹਾ ਹੈ।
ਸਾਂਪਲਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।