ਪੰਜਾਬ

ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ

 

ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਦੌਰਾਨ 117 ਫ਼ੀਸਦੀ ਦਾ ਹੋਇਆ ਵਾਧਾ

 

ਚੰਡੀਗੜ੍ਹ, 1 ਅਗਸਤ:

 

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏ.ਆਈ.ਐਫ ਸਕੀਮ ਪੰਜਾਬ ਦੀ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋਈ ਹੈ ਜਿਸ ਨਾਲ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ।

 

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਜੁਲਾਈ ਮਹੀਨੇ ਤੱਕ ਸੂਬੇ ਭਰ ਵਿੱਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਏ.ਆਈ.ਐਫ ਸਕੀਮ ਲਈ ਸੂਬੇ ਦੀ ਨੋਡਲ ਏਜੰਸੀ ਹੈ, ਜੋ ਬਿਨੈਕਾਰਾਂ ਨੂੰ ਸਹਾਇਤਾ ਅਤੇ ਸੇਧ ਪ੍ਰਦਾਨ ਕਰਕੇ ਇਸ ਪ੍ਰਗਤੀ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।

 

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੇ 2481 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਲਈ ਅਪਲਾਈ ਕੀਤਾ ਹੈ ਜਿਸ ਵਿੱਚੋਂ ਹੁਣ ਤੱਕ 4745 ਯੋਗ ਪ੍ਰਾਜੈਕਟਾਂ ਲਈ 1395 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 980 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਯਕੀਨਨ ਕਿਸਾਨਾਂ ਅਤੇ ਉੱਦਮੀਆਂ ਨੂੰ ਆਪਣੀਆਂ ਖੇਤੀਬਾੜੀ ਸਬੰਧੀ ਪਹਿਲਕਦਮੀਆਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂਕਰਨ ਅਤੇ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਸਹਾਈ ਸਿੱਧ ਹੋਵੇਗੀ।

 

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਕੀਮ ਦਾ ਪਸਾਰ ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।

 

ਮੰਤਰੀ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਬੀਤੇ ਵਿੱਤੀ ਸਾਲ ਦੀਆਂ 3480 ਅਰਜ਼ੀਆਂ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਤੱਕ 7547 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜ਼ੀਆਂ ਦੀ ਨਿਵੇਸ਼ ਰਾਸ਼ੀ 4038.08 ਕਰੋੜ ਬਣਦੀ ਸੀ, ਜੋ ਬੀਤੇ ਵਿੱਤੀ ਸਾਲ ਦੀ 2876.98 ਕਰੋੜ ਰਾਸ਼ੀ ਦੇ ਮੁਕਾਬਲੇ 40.36 ਫ਼ੀਸਦੀ ਵਾਧਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ 3837 ਯੋਗ ਪ੍ਰਾਜੈਕਟਾਂ ਲਈ 1113.46 ਕਰੋੜ ਦੀ ਰਾਸ਼ੀ 30 ਜੂਨ ਤੱਕ ਮਨਜ਼ੂਰ ਕੀਤੀ ਗਈ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਸਬੰਧੀ ਵਿਭਾਗ ਵੱਲੋਂ ਸੂਬੇ ਵਿੱਚ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਵਿਚ ਵਿਸ਼ੇਸ਼ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਇਸ ਸਕੀਮ ਤਹਿਤ ਕਿਸਾਨ ਸਮੂਹਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਸਮੂਹਾਂ ਨੂੰ ਜੋੜਿਆ ਜਾ ਰਿਹਾ ਹੈ ਅਤੇ ਸਾਂਝੀ ਖੇਤੀ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

 

ਏ.ਆਈ.ਐਫ. ਸਕੀਮ ਤਹਿਤ ਕਿਸਾਨ ਸਥਾਪਤ ਕਰ ਸਕਦੇ ਹਨ ਖੇਤੀਬਾੜੀ ਨਾਲ ਜੁੜੇ ਕਈ ਪ੍ਰਾਜੈਕਟ

 

ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਲਾਭਪਾਤਰੀ ਵੱਖ-ਵੱਖ ਪ੍ਰਾਜੈਕਟਾਂ ਲਈ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸਟੋਰੇਜ ਸਟ੍ਰਕਚਰ, ਛਟਾਈ, ਗਰੇਡਿੰਗ, ਵੈਕਸਿੰਗ ਯੂਨਿਟ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ (ਆਟਾ ਚੱਕੀ, ਤੇਲ ਦੇ ਕੋਲਹੂ, ਦਾਲ ਮਿੱਲ), ਰਾਈਪਨਿੰਗ ਚੈਂਬਰ, ਪੈਕਹਾਊਸ, ਫ਼ਸਲ ਰਹਿੰਦ-ਖੂੰਹਦ ਪ੍ਰਬੰਧਨ ਯੂਨਿਟ/ਮਸ਼ੀਨਾਂ, ਸੋਲਰ ਪੰਪ, ਬਾਇਉਗੈਸ ਪਲਾਂਟ, ਸਮਾਰਟ ਅਤੇ ਪ੍ਰੀਸੀਸ਼ਨ ਐਗਰੀਕਲਚਰ, ਫਾਰਮ ਅਤੇ ਵਾਢੀ ਆਟੋਮੇਸ਼ਨ, ਇਨਪੁਟ ਉਤਪਾਦਨ (ਬੀਜ/ਟਿਸ਼ੂ ਕਲਚਰ/ਨਰਸਰੀ/ ਖਾਦ), ਸਪਲਾਈ ਚੇਨ ਬੁਨਿਆਦੀ ਢਾਂਚਾ, ਸ਼ਹਿਦ  ਪ੍ਰੋਸੈਸਿੰਗ, ਰੇਸ਼ਮ ਦੀ ਖੇਤੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਪ੍ਰਾਜੈਕਟ ਕਿਸਾਨ ਸਮੂਹਾਂ ਤੱਕ ਸੀਮਿਤ ਹਨ ਜਿਵੇਂ ਕਿ ਪੌਲੀਹਾਊਸ/ਗ੍ਰੀਨਹਾਊਸ, ਵਰਟੀਕਲ ਫਾਰਮਿੰਗ, ਹਾਈਡ੍ਰੋਪੋਨਿਕਸ/ਐਰੋਪੋਨਿਕਸ, ਮਸ਼ਰੂਮ ਦੀ ਖੇਤੀ, ਲੌਜਿਸਟਿਕ ਸੁਵਿਧਾਵਾਂ ਅਤੇ ਟਰੈਕਟਰ ਆਦਿ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਯੋਗ ਪ੍ਰਾਜੈਕਟਾਂ ‘ਤੇ ਸੋਲਰ ਪੈਨਲ ਵੀ ਲੁਆ ਸਕਦੇ ਹਨ। ਇਸ ਸਕੀਮ ਅਧੀਨ ਕਰਜ਼ਾ ਲੈਣ ਲਈ ਘੱਟੋ-ਘੱਟ 10 ਫ਼ੀਸਦੀ ਰਕਮ ਲਾਭਪਾਤਰੀ ਦਾ ਯੋਗਦਾਨ ਲਾਜ਼ਮੀ ਹੈ।

 

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ‘ਤੇ 9 ਫੀਸਦੀ ਦੀ ਲਿਮਿਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਰ ਲਾਭਪਾਤਰੀ 25 ਪ੍ਰਾਜੈਕਟ ਸਥਾਪਿਤ ਕਰ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!