ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਐਲਾਨ

 

ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਐਲਾਨ

· ਸ੍ਰੀ ਚਮਕੌਰ ਸਾਹਿਬ ਵਿਖੇ 500 ਕਰੋੜ ਦੀ ਲਾਗਤ ਨਾਲ ਸਥਾਪਤ ਹੋਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ

· ਪੁਰਾਣੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਕੀਤੀ

· ਸ੍ਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਦੀ ਸਮਰਥਾ ਵਾਲਾ ਹਸਪਤਾਲ ਬਣੇਗਾ-ਚੰਨੀ

· ਮੋਰਿੰਡਾ ਵਿਖੇ ਅਤਿ ਆਧੁਨਿਕ ਟਰੌਮਾ ਸੈਂਟਰ ਸਥਾਪਤ ਹੋਵੇਗਾ

· ਤ੍ਰਿਪੜੀ ਤੇ ਰਸੂਲਪੁਰ ਆਈ.ਟੀ.ਆਈਜ਼ ਵਿਖੇ ਇਸੇ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋਣਗੀਆਂ

· ਬੇਲਾ ਪੁਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ, ਜ਼ਮੀਨ ਗ੍ਰਹਿਣ ਕਰਨ ਲਈ ਕਿਸਾਨਾਂ ਨੂੰ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ

· ਹਲਕੇ ਦੀਆਂ ਵੈਟਰਨਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਅਤੇ ਡਾਕਟਰਾਂ ਦੀ ਮੌਜੂਦਗੀ ਯਕੀਨੀ ਬਣਾਈ ਜਾਵੇਗੀ

ਸ੍ਰੀ ਚਮਕੌਰ ਸਾਹਿਬ (ਰੂਪਨਗਰ), 18 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲ਼ਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜ ਰੁਪਏ ਦੇ ਚੈੱਕ ਵੀ ਵੰਡੇ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਅਤੇ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਆਖਿਆ। ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ।

ਪਿੰਡ ਸੰਧੂਆਂ, ਗੱਗੋਂ, ਭੈਰੋਂ ਮਾਜਰਾ, ਬੇਲਾ, ਵਜੀਦਪੁਰ ਅਤੇ ਮਹਿਤੋਟ ਵਿਖੇ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ, “ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਚੁਣੇ ਜਾਣ ਲਈ ਮੈਂ ਤੁਹਾਡੇ ਸਾਰਿਆਂ ਦਾ ਰਿਣੀ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।” ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਚੁਣਿਆ ਹੋਇਆ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ।

 

ਪਿੰਡ ਭੈਰੋਂ ਮਾਜਰਾ ਵਿਖੇ ਬੋਲਦਿਆਂ ਸ. ਚੰਨੀ ਨੇ ਕਿਹਾ, “ਮੈਂ ਤਹਾਨੂੰ ਪਿਛਲੀਆਂ ਚੋਣਾਂ ਵਿਚ ਕਹਿ ਰਿਹਾ ਸੀ ਕਿ ਜੇਕਰ ਤੁਸੀਂ ਮੈਨੂੰ ਇਸ ਹਲਕੇ ਵਿੱਚੋਂ ਆਪਣਾ ਨੁਮਾਇੰਦਾ ਚੁਣ ਕੇ ਭੇਜਿਆ ਤਾਂ ਤੁਸੀਂ ਜੋ ਚਾਹੁੰਦੇ ਹੋ, ਹਾਸਲ ਕਰ ਸਕਦੇ ਹੋ ਪਰ ਹੁਣ ਮੈਂ ਹੁਣ ਮੁੱਖ ਮੰਤਰੀ ਬਣ ਗਿਆ ਹਾਂ, ਮੈਂ ਤੁਹਾਡੇ ਸ਼ਬਦਾਂ ਉਤੇ ਫੁੱਲ ਚੜ੍ਹਾਵਾਂਗਾ।” ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਇਸ ਪੱਛੜੇ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਦੇ ਹੋਰ ਖੇਤਰਾਂ ਵਿਚ ਵੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਹਨ ਪਰ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਇਕ ਸਰਕਾਰੀ ਯੂਨੀਵਰਸਿਟੀ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਿਰਮਾਣ ਕਰਨ ਲਈ 42 ਕਰੋੜ ਰੁਪਏ ਦੀ ਜ਼ਮੀਨ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋ ਰਹੀ ਹੁਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਿੰਡ ਮਹਿਤੋਟ ਦੇ ਸਟੇਡਿਅਮ ਲਈ 1 ਕਰੋੜ 13 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ‘ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੇਖਦੇ ਹੋਏ ਬੇਲਾ ਪੁਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।

ਵਿਸ਼ਵ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਰਿੰਡਾ ਵਿਖੇ ਇੱਕ ਵਿਸ਼ਵ ਪੱਧਰੀ ਟਰੌਮਾ ਸੈਂਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਉਸਾਰੀ ਛੇਤੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਤ੍ਰਿਪੁੜੀ ਅਤੇ ਰਸੂਲਪੁਰ ਪਿੰਡਾਂ ਵਿਖੇ ਆਈ.ਟੀ.ਆਈਜ਼. ਦੀਆਂ ਕਲਾਸਾਂ ਇਸੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋਣ ਜਾਣਗੀਆਂ।

ਪੰਚਾਂ ਅਤੇ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਸਾਰੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕਰਕੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਕਿਹਾ, ”ਜੇਕਰ ਇਨ੍ਹਾਂ ਡਿਸਪੈਂਸਰੀਆਂ ਵਿੱਚ ਕੋਈ ਵੀ ਕਮੀ ਪਾਈ ਜਾਂਦੀ ਹੈ ਤਾਂ ਤੁਰੰਤ ਮੇਰੇ ਧਿਆਨ ਵਿੱਚ ਲਿਆਂਦੀ ਜਾਵੇ ਅਤੇ ਇਸ ਦਾ ਹੱਲ ਛੇਤੀ ਹੀ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਸਰਪੰਚਾਂ ਨੂੰ ਦਿੱਤੇ ਜਾ ਰਹੇ ਹਨ ਜਿਨ੍ਹਾਂ ਦੀ ਹੁਣ ਇਹ ਜਿੰਮੇਵਾਰੀ ਬਣਦੀ ਹੈ ਕਿ ਗੁਰਦੁਆਰਿਆਂ ਵਿੱਚ ਮੀਟਿੰਗਾਂ ਸੱਦ ਕੇ ਲੋਕਾਂ ਨੂੰ ਇਨ੍ਹਾਂ ਗ੍ਰਾਂਟਾਂ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਜੋ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।

ਸ. ਚੰਨੀ ਨੇ ਪਿੰਡਾਂ ਵਿੱਚ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਇਹ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹੇ ਜਾਣ ਲਈ ਕਿਸੇ ਵੀ ਸਰਕਾਰੀ ਮੁਲਾਜ਼ਮ ਜਾਂ ਠੇਕੇਦਾਰ ਨੂੰ ਇੱਕ ਪੈਸਾ ਵੀ ਰਿਸ਼ਵਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਸੀਵਰੇਜ ਪ੍ਰਣਾਲੀ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟਾਂ ਦਾ ਨਵੀਨੀਕਰਨ, ਪਿੰਡਾਂ ਵਿੱਚ ਜਿੰਮ ਖੋਲ੍ਹਣੇ, ਛੱਪੜਾਂ ਦੀ ਸਫਾਈ ਅਤੇ ਸਕੂਲਾਂ ਤੇ ਕਾਲਜਾਂ ਨੂੰ ਅਪਗ੍ਰੇਡ ਕਰਨ ਆਦਿ ਕੰਮ ਤਿੰਨ ਮਹੀਨਿਆਂ ਅੰਦਰ ਪੂਰੇ ਕਰ ਲਏ ਜਾਣਗੇ।

ਉਪਰੋਕਤ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਬੇਲਾ ਵਿਖੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਘੱਗੋਂ ਪਿੰਡ ਵਿਖੇ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਦੇ ਸਮੇਂ ਹਲਕੇ ਵਿਚ 10 ਹੋਰ ਕਮਿਊਨਿਟੀ ਸੈਂਟਰ ਉਸਾਰੇ ਜਾਣ ਦਾ ਐਲਾਨ ਕੀਤਾ।

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਿਧਾਇਕ ਜੋਗਿੰਦਰ ਪਾਲ ਭੋਆ, ਚੇਅਰਪਰਸਨ ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਅਮਨਦੀਪ ਕੌਰ ਸੰਧੂਆਂ, ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਮਨਕੰਵਲ ਸਿੰਘ, ਆਈ.ਜੀ. ਅਰੁਣ ਕੁਮਾਰ, ਐਸ.ਐਸ.ਪੀ. ਵੀ.ਕੇ. ਸੋਨੀ ਅਤੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਸਰਪੰਚ ਅਤੇ ਪੰਚ ਸ਼ਾਮਿਲ ਸਨ।

—-

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!