ਪੰਜਾਬ

ਚੋਣ ਨਤੀਜਿਆਂ ਨੇ ਨਾ ਸਿਰਫ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜ੍ਹਤਾ ਕੀਤੀ ਸਗੋਂ ਅਕਾਲੀ ਦਲ, ਆਪ ਤੇ ਭਾਜਪਾ ਦੀਆਂ ਲੋਕ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਖਿਲਾਫ ਫ਼ਤਵਾ ਦਿੱਤਾ-ਮੁੱਖ ਮੰਤਰੀ

ਸੂਬੇ ਦੇ ਲੋਕਾਂ ਤੇ ਸੁਨੀਲ ਜਾਖੜ ਦੀ ਅਗਵਾਈ ‘ਚ ਸੂਬਾਈ ਕਾਂਗਰਸ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ
ਚੋਣ ਨਤੀਜਿਆਂ ਨੂੰ 2022 ਵਿਧਾਨ ਸਭਾ ਚੋਣਾਂ ਦੀ ਝਲਕ ਦੱਸਿਆ
ਚੰਡੀਗੜ੍ਹ, 17 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾਈ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨ੍ਹਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜ੍ਹਤਾ ਦੱਸਿਆ ਸਗੋਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਫ਼ਤਵਾ ਗਰਦਾਨਿਆ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਮੂਹ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ ਇਨ੍ਹਾਂ ਮਿਊਂਸਿਪਲ ਚੋਣਾਂ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਗਏ, ਵਿੱਚ ਹੂੰਝਾ ਫੇਰੂ ਜਿੱਤ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨ੍ਹਾਂ ਤਿੰਨਾਂ ਪਾਰਟੀਆਂ ਦੇ ਵੰਡ ਪਾਊ, ਗੈਰ-ਲੋਕਤੰਤਰੀ, ਗੈਰ-ਸੰਵਿਧਾਨਿਕ ਅਤੇ ਪਿਛਾਂਹਖਿਚੁ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਨਕਾਰਾਤਮਕ ਅਤੇ ਭੈੜੀਆਂ ਤਾਕਤਾਂ ਨੂੰ ਭਾਂਜ ਦੇਣ ਲਈ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ ਜੋ ਕਿ ਪੰਜਾਬ ਅਤੇ ਇਸ ਦੇ ਭਵਿੱਖ ਨੂੰ ਬਰਬਾਦ ਕਰਨ ਉਤੇ ਤੁਲੀਆਂ ਹੋਈਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਂਦੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ ਜਿਨ੍ਹਾਂ ਨੇ ਲੋਕਾਂ ਵਿੱਚ ਭਾਜਪਾ ਖਿਲਾਫ਼ ਪਾਏ ਜਾ ਰਹੇ ਗੁੱਸੇ ਨੂੰ ਸਾਹਮਣੇ ਲੈ ਆਂਦਾ ਹੈ, ਜਿਹੜੀ ਪਾਰਟੀ ਆਪਣੇ ਸਾਬਕਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਵਿੱਚ ਆਪ ਦੀ ਮਿਲੀਭੁਗਤ ਨਾਲ ਕਿਸਾਨ ਵਿਰੋਧੀ ਬਿੱਲ ਲਾਗੂ ਕਰਵਾਉਣ ਦੀ ਜ਼ਿੰਮੇਵਾਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਤਬਾਹ ਕਰਨ ਦੇ ਸਪੱਸ਼ਟ ਮਨਸੂਬੇ ਨਾਲ ਕਿਸਾਨਾਂ ਦੇ ਹੱਕਾਂ ਨੂੰ ਆਪਣੇ ਪੈਰਾਂ ਹੇਠਾਂ ਦਰੜਿਆ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਵਹਾਏ ਗਏ ਮਗਰਮੱਛ ਦੇ ਹੰਝੂਆਂ ਅਤੇ ਡਰਾਮੇਬਾਜ਼ੀ ਨੂੰ ਸੂਬੇ ਦੇ ਲੋਕਾਂ ਨੇ ਚੰਗੀ ਤਰ੍ਹਾਂ ਸਮਝਦੇ ਹੋਏ ਸਿਆਸਤ ਕਰ ਰਹੀਆਂ ਇਨ੍ਹਾਂ ਪਾਰਟੀਆਂ ਨੂੰ ਠੋਕਵਾਂ ਜਵਾਬ ਦਿੱਤਾ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਜਦੋਂ ਕਾਂਗਰਸ ਦੇ ਮੁਕਾਬਲੇ ਅਕਾਲੀ ਦਲ, ਆਪ ਅਤੇ ਭਾਜਪਾ ਨੇੜੇ-ਤੇੜੇ ਵੀ ਨਹੀਂ ਢੁਕ ਸਕੀਆਂ ਅਤੇ ਇੱਥੋਂ ਤੱਕ ਕਿ ਕਈ ਵਾਰਡਾਂ ਵਿੱਚ ਆਜ਼ਾਦ ਉਮੀਦਵਾਰਾਂ ਤੋਂ ਵੀ ਪਿੱਛੇ ਰਹਿ ਗਈਆਂ। ਇਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਦੇ ਵੋਟਰਾਂ ਨੇ ਸੁਚੱਜੇ ਪ੍ਰਸ਼ਾਸਨ ਅਤੇ ਤਰੱਕੀ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਸਪੱਸ਼ਟ ਰੂਪ ਵਿੱਚ ਇਨ੍ਹਾਂ ਪਾਰਟੀਆਂ ਦੀ ਸੌੜੀ ਸਿਆਸੀ ਸੋਚ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪਾਰਟੀਆਂ ਨੂੰ ਪੰਜਾਬ ਦੇ ਮਸਲਿਆਂ ਤੋਂ ਦੂਰ ਰਹਿਣ ਦਾ ਇਹ ਇਕ ਸਾਫ਼ ਤੇ ਸਪੱਸ਼ਟ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਪਾਰਟੀਆਂ ਦੁਆਰਾ ਸੂਬੇ ਦੇ ਲੋਕਾਂ ਨਾਲ ਕੀਤੀ ਗਈ ਧੋਖਾਧੜੀ ਅਤੇ ਫਰੇਬ ਨੂੰ ਨਾ ਤਾਂ ਮੁਆਫ਼ ਕਰਨ ਅਤੇ ਨਾ ਹੀ ਭੁੱਲਣ ਲਈ ਤਿਆਰ ਹੈ।
ਆਖ਼ਰੀ ਨਤੀਜਿਆਂ ਮੁਤਾਬਕ ਕਾਂਗਰਸ ਨੇ 1815 ਵਾਰਡਾਂ (ਮਿਊਂਸਪਲ ਕੌਂਸਲਾਂ) ਵਿੱਚੋਂ 1199 ਅਤੇ ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281 ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਅਕਾਲੀ ਦਲ ਨੂੰ ਮਿਊਂਸਪਲ ਕੌਂਸਲਾਂ ਵਿੱਚ 289 ਅਤੇ ਨਗਰ ਨਿਗਮਾਂ ਵਿੱਚ 33, ਭਾਜਪਾ ਨੂੰ ਮਿਊਂਸਿਪਲ ਕੌਂਸਲਾਂ ਵਿੱਚ 38 ਅਤੇ ਨਗਰ ਨਿਗਮਾਂ ਵਿੱਚ 20 ਤੇ ਆਪ ਨੂੰ ਮਿਊਂਸਿਪਲ ਕੌਂਸਲਾਂ ਵਿੱਚ 57 ਅਤੇ ਨਗਰ ਨਿਗਮਾਂ ਵਿੱਚ 9 ਸੀਟਾਂ ਹਾਸਲ ਹੋਈਆਂ। ਬਾਕੀ ਦੀਆਂ ਸੀਟਾਂ ‘ਤੇ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਕਬਜ਼ਾ ਰਿਹਾ ਜਦੋਂ ਕਿ ਬਹੁਜਨ ਸਮਾਜ ਪਾਰਟੀ (ਕੇ) ਅਤੇ ਸੀ.ਪੀ.ਆਈ. ਨੂੰ ਕ੍ਰਮਵਾਰ 13 ਅਤੇ 12 ਵਾਰਡਾਂ ਵਿੱਚ ਜਿੱਤ ਹਾਸਲ ਹੋਈ। ਸਾਲ 2015 ਦੀਆਂ ਬਠਿੰਡਾ, ਹੁਸ਼ਿਆਰਪੁਰ, ਮੋਗਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ 11 ਸੀਟਾਂ ਦੇ ਮੁਕਾਬਲੇ ਹੁਣ ਸਥਿਤੀ ਵੱਡੀ ਪੱਧਰ ‘ਤੇ ਕਾਂਗਰਸ ਦੇ ਪੱਖ ਵਿੱਚ ਹੈ। ਇਸ ਦਾ ਅੰਦਾਜ਼ਾ ਇਸੇ ਤੋਂ ਲਗਦਾ ਹੈ ਕਿ ਪਾਰਟੀ ਨੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਦੇ ਹੋਏ 149 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਹੀ ਵਾਰਡਾਂ ਵਿੱਚ ਸਾਲ 2015 ਦੀਆਂ 356 ਸੀਟਾਂ ਦੇ ਮੁਕਾਬਲੇ ਕਾਂਗਰਸ ਨੇ ਹੁਣ 1480 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,” ਇਨ੍ਹਾਂ ਨਤੀਜਿਆਂ ਨਾਲ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਇਕ ਵਰ੍ਹੇ ਤੋਂ ਵੀ ਘੱਟ ਸਮੇਂ ਦੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੈਦਾ ਹੋਣ ਵਾਲੀ ਸਥਿਤੀ ਦੀ ਝਲਕ ਵੇਖਣ ਨੂੰ ਮਿਲ ਗਈ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਇਨ੍ਹਾਂ ਮਿਊਂਸਿਪਲ ਚੋਣਾਂ ਦੌਰਾਨ ਜਿਸ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਹ ਤਾਂ ਅਜੇ ਸ਼ੁਰੂਆਤ ਹੈ ਅਤੇ ਆਉਂਦੇ ਮਹੀਨਿਆਂ ਦੌਰਾਨ ਇਹ ਤਿੰਨੇ ਪਾਰਟੀਆਂ ਦੇਸ਼ ਦੇ ਸਿਆਸੀ ਨਕਸ਼ੇ ਅਤੇ ਪੰਜਾਬ ਦੀ ਸਿਆਸਤ ਵਿੱਚੋਂ ਮਨਫੀ ਹੋ ਜਾਣਗੀਆਂ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!