ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ-ਬਲਜੀਤ ਕੌਰ
*ਕੈਬਨਿਟ ਮੰਤਰੀ ਬਲਜੀਤ ਕੌਰ ਨੇ ਪਲੇਠੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਮਾਨਸਾ, 23 ਜੁਲਾਈ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਿੱਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲਿਆ, ਉਥੇ ਹਰੇਕ ਨਾਗਰਿਕ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਆਦੇਸ਼ ਜਾਰੀ ਕੀਤੇ।
ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਨਿਕ ਅਧਿਕਾਰੀਆਂ ਨਾਲ ਹੋਈ ਪਲੇਠੀ ਮੀਟਿੰਗ ਦੌਰਾਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਅਤੇ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵਿਸ਼ੇਸ ਤੌਰ ’ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿਤੈਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਰਾਜ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਚਲਾਈਆ ਭਲਾਈ ਯੋਜਨਾਵਾਂ ਦਾ ਜ਼ਮੀਨੀ ਪੱਧਰ ’ਤੇ ਲਾਭ ਮੁਹੱਈਆ ਕਰਵਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਵਿਸ਼ੇਸ ਕੈਂਪ ਲਗਾਏ ਜਾਣ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਰਾਜ ਸਰਕਾਰ ਦੀਆਂ ਯੋਜਨਾ ਦਾ ਲਾਹਾ ਲੈਣ ਤੋਂ ਵਾਂਝਾਂ ਨਾ ਰਹੇ।
ਉਨ੍ਹਾਂ ਕਿਹਾ ਕਿ ਸੂਬੇ ਤਰੱਕੀ ਅਤੇ ਖੁਸ਼ਹਾਲੀ ਲਈ ਸਰਕਾਰ ਦੇ ਨਾਲ-ਨਾਲ ਪ੍ਰਸ਼ਾਨਿਕ ਅਧਿਕਾਰੀਆਂ ਦਾ ਵੀ ਅਹਿਮ ਰੋਲ ਹੈ, ਕਿਉਂਕਿ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਕਾਰਜ਼ਾਂ ਦਾ ਹੱਲ ਪ੍ਰਸ਼ਾਨਿਕ ਅਧਿਕਾਰੀਆਂ ਨੇ ਹੀ ਕਰਨਾ ਹੁੰਦਾ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕ ਬਿਨ੍ਹਾਂ ਮਤਲਬ ਤੋਂ ਖੱਜਲ ਖੁਆਰ ਨਾ ਹੋਣ, ਜਿਸਦੇ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਸਮਰਪਿਤ ਰਹਿ ਕੰਮ ਕਰਨਾ ਯਕੀਨੀ ਬਣਾਵੇ।
ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਨੂੰ ਜ਼ਿਲ੍ਹਾ ਮਾਨਸਾ ਅੰਦਰ ਮੁਹਿੰਮ ਦੇ ਰੂਪ ’ਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ’ਚ ਧੀਆਂ ਮੁੰਡਿਆਂ ਤੋਂ ਕਿਸੇ ਵੀ ਖੇਤਰ ’ਚ ਘੱਟ ਨਹੀ ਹਨ, ਬੇਟੀਆਂ ਨੂੰ ਹਰ ਖੇਤਰ ’ਚ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ ਜਿਸਦੇ ਲਈ ਸਰਕਾਰ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਅੰਦਰ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਅਖ਼ੀਰ ਵਿਚ ਤੇਲਗੂ ਭਾਸ਼ਾ ਦੀ ਵਰਣਮਾਲਾ ਦਾ ਪੰਜਾਬੀ ਵਿਚ ਅਨੁਵਾਦ ਵਾਲਾ ਬੈਨਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਟੀ. ਬੈਨਿੱਥ, ਐਸ.ਡੀ.ਐਮ. ਮਾਨਸਾ ਪੂਨਮ ਸਿੰਘ ਮੌਜੂਦ ਸਨ।