ਪੰਜਾਬ
ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ
ਨਗਰ ਨਿਗਮ ਲੁਧਿਆਣਾ ਦੇ 456 ਬੇਲਦਾਰਾਂ/ਡਰਾਈਵਰਾਂ/ਡੀਸੀ ਰੇਟ ਵਾਲੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਦਾ ਵੀ ਕੀਤਾ ਐਲਾਨ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਲੁਧਿਆਣਾ ਵਿੱਚ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ/ਲੁਧਿਆਣਾ, 18 ਅਕਤੂਬਰ:
ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿੱਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ।
ਇਸ ਮੌਕੇ ਉਨਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ (ਐੱਮ.ਸੀ.ਐੱਲ.) ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ‘ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ।
ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ।
ਉਨਾਂ ਕਿਹਾ ਕਿ ਸਫਾਈ ਸੇਵਕ/ਸੀਵਰਮੈਨ ਅਤੇ ਪੁਲਿਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ‘ਤੇ ਰਹਿੰਦੇ ਹਨ। ਉਨਾਂ ਰੈਗੂਲਰ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ ਉਪਲਬਧ ਕਰਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਗਈ ਹੈ।
ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੁੱਲ 3542 ਰੈਗੂਲਰ ਕਰਮਚਾਰੀਆਂ ਵਿੱਚੋਂ 2428 ਸਫਾਈ ਸੇਵਕ ਅਤੇ 1114 ਸੀਵਰਮੈਨ ਹਨ। ਜੋਨ- ਏ ਦੇ 369 ਸਫਾਈ ਸੇਵਕਾਂ, ਜੋਨ-ਬੀ ਵਿੱਚੋਂ 579 ਸਫਾਈ ਸੇਵਕ, ਜੋਨ-ਸੀ ਦੇ 724 ਅਤੇ ਜੋਨ- ਡੀ ਦੇ 756 ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਇਸੇ ਤਰਾਂ ਜੋਨ- ਏ ਦੇ 212 ਸੀਵਰਮੈਨ, ਜੋਨ-ਬੀ ਦੇ 394, ਜੋਨ- ਸੀ ਦੇ 296 ਅਤੇ ਜੋਨ- ਡੀ ਦੇ 212 ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਉਨਾਂ ਕਿਹਾ ਕਿ ਇੱਕ ਮਿਸਾਲ ਕਾਇਮ ਕਰਨ ਅਤੇ ਵਾਤਾਵਰਣ ਪ੍ਰਤੀ ਆਪਣੀ ਸੁਹਿਰਦ ਜ਼ਿੰਮੇਵਾਰੀ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਦਾ ਸਮਾਗਮ ‘ਨੋ ਪਲਾਸਟਿਕ’ ਦਿਵਸ ਵਜੋਂ ਮਨਾਇਆ ਗਿਆ।