ਪੰਜਾਬ

ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਅਤੇ ਵੇਰਵਿਆਂ ਵਿੱਚ ਸੋਧ ਲਈ 01.01.2022 ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ: ਡਾ. ਐਸ. ਕਰੁਣਾ ਰਾਜੂ, ਸੀਈਓ

ਪੰਜਾਬ ਰਾਜ ਵਿੱਚ 80 ਤੋਂ ਵੱਧ ਉਮਰ ਦੇ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਮਰੀਜ਼ਾਂ ਲਈ ਪੋਸਟਲ ਬੈਲਟ ਸੁਵਿਧਾ ਕੀਤੀ ਸ਼ੁਰੂ
ਚੰਡੀਗੜ੍ਹ, 13 ਅਗਸਤ
ਪੰਜਾਬ ਵਿੱਚ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਸੋਧ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਧਿਕਾਰੀ, ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਵਿੱਚ ਚੋਣਾਂ ਕਰਵਾਉਣ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਚੋਣ ਕਮਿਸ਼ਨ ਇਸ ਅਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵੋਟਰ ਸੂਚੀ ਵਿੱਚ ਵੇਰਵੇ ਰਜਿਸਟਰ ਕਰਨ, ਹਟਾਉਣ ਅਤੇ ਸੋਧਣ ਲਈ ਮਿਤੀ 01.01.2022 ਤੋਂ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਵਿਸ਼ੇਸ਼ ਮੁਹਿੰਮ ਨੂੰ ਸਪੈਸ਼ਲ ਸਮਰੀ ਰਿਵੀਜ਼ਨ ਵਜੋਂ ਜਾਣਿਆ ਜਾਂਦਾ ਹੈ, ਇਸ ਨਾਲ ਨਾਗਰਿਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਆਫਲਾਈਨ ਜਾਂ ਆਨਲਾਈਨ ਮਾਧਿਅਮ ਰਾਹੀਂ ਆਪਣੇ ਚੋਣ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਮਿਲਦਾ ਹੈ। ਅਗਲੇ ਸਾਲ ਦੀ ਪਹਿਲੀ ਤਿਮਾਹੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਇਹ ਮੁਹਿੰਮ ਸੂਬੇ ਭਰ ਵਿੱਚ ਹਰੇਕ ਜ਼ਿਲ੍ਹੇ ਵਿੱਚ ਹਲਕਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਵਿਆਪਕ ਰੂਪ ਵਿੱਚ ਚਲਾਈ ਜਾਵੇਗੀ। ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ 09.08.2021 ਤੋਂ 31.10.2021 ਵਿਚਕਾਰ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ ਅਤੇ ਮੌਜੂਦਾ ਪਾੜੇ ਨੂੰ ਦੂਰ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਸੁਧਾਰ ਲਿਆਉਣ ਅਤੇ ਸਾਰੇ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਸਾਰੇ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹਰ ਸਾਲ ਦੇ ਅੰਤ ਵਿੱਚ ਸਪੈਸ਼ਲ ਸਮਰੀ ਰਿਵੀਜ਼ਨ ਕੀਤੀ ਜਾਂਦੀ ਹੈ। ਉਹ ਲੋਕ ਜੋ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਾ ਸਕੇ ਅਤੇ ਜਿਹੜੇ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਗਲਤੀਆਂ ਮਿਲਦੀਆਂ ਹਨ ਜਾਂ ਜਿਹੜੇ ਵੋਟਰ ਕਿਸੇ ਹੋਰ ਹਲਕੇ ਵਿੱਚ ਚਲੇ ਗਏ ਹਨ, ਉਹ 1 ਜਨਵਰੀ, 2022 ਸਪੈਸ਼ਲ ਸਮਰੀ ਰਿਵੀਜ਼ਨ ਦੀ ਵਰਤੋਂ ਕਰ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ ਜਾਂ ਜੋ ਮਿਤੀ 01.01.2022 ਤੋਂ ਪਹਿਲਾਂ 18 ਸਾਲ ਦੇ ਹੋ ਜਾਣਗੇ।
ਸੀਈਓ ਨੇ ਕਿਹਾ ਕਿ ਜਨਸੰਖਿਆ ਰਜਿਸਟਰ ਅਨੁਸੂਚੀ ਵਿੱਚ ਇੰਦਰਾਜ਼ਾਂ (ਡੀਐਸਈਜ਼), ਮਲਟੀਪਲ ਐਂਟਰੀਆਂ ਅਤੇ ਤਰਕਸੰਗਤ ਗਲਤੀ ਨੂੰ ਹਟਾਉਣ ਦੀ ਪ੍ਰਕਿਰਿਆ 09.08.2021 ਤੋਂ 31.10.2021 ਵਿਚਕਾਰ ਹੋਵੇਗੀ। ਇਸ ਉਪਰੰਤ 01.11.2021 ਨੂੰ ਡਰਾਫਟ ਪ੍ਰਕਾਸ਼ਤ ਕੀਤਾ ਜਾਵੇਗਾ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 01.11.2021 ਤੋਂ 30.11.2021 ਵਿਚਕਾਰ ਰੱਖੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ 06.11.2021, 07.11.2021, 20.11.2021 ਅਤੇ 21.11.2021 ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।.
ਉਨ੍ਹਾਂ ਕਿਹਾ ਕਿ ਸੋਧੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਈਸੀਆਈ ਵੱਲੋਂ ਸੀਨੀਅਰ ਨਾਗਰਿਕਾਂ (80 ਸਾਲ ਤੋਂ ਵੱਧ), ਵੋਟਰ ਸੂਚੀ ਵਿੱਚ ਦਿਵਿਆਂਗ ਵਿਅਕਤੀਆਂ ਅਤੇ ਕੋਵਿਡ -19 ਦੇ ਸ਼ੱਕੀ ਜਾਂ ਪ੍ਰਭਾਵਤ ਵਿਅਕਤੀਆਂ ਨੂੰ ਪੋਸਟਲ ਬੈਲਟਸ (ਪੀਬੀ) ਪੇਪਰ ਰਾਹੀਂ ਵੋਟਿੰਗ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਈਸੀਆਈ ਨੇ ਮਹਾਂਮਾਰੀ ਸਦਕਾ ਦਰਪੇਸ਼ ਚੁਣੌਤੀਆਂ ਨੂੰ ਘੱਟ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। 80 ਤੋਂ ਵੱਧ ਵੋਟਰਾਂ ਅਤੇ ਅਪਾਹਜ ਵਿਅਕਤੀਆਂ ਲਈ ਪੋਸਟਲ ਬੈਲਟ ਸੁਵਿਧਾ ਇੱਕ ਅਜਿਹੀ ਹੀ ਪਹਿਲ ਹੈ।
ਡਾ. ਰਾਜੂ ਨੇ ਕਿਹਾ ਕਿ ਬੀ.ਐਲ.ਓਜ਼ ਸਾਰੇ ਘਰਾਂ ਦਾ ਦੌਰਾ ਕਰਕੇ ਚੋਣ ਵੇਰਵਿਆਂ ਦੀ ਤਸਦੀਕ ਕਰਨਗੇ। ਨਾਗਰਿਕ ਟੋਲ ਫ੍ਰੀ ਹੈਲਪ ਲਾਈਨ ਨੰ. 1950, ਮੋਬਾਈਲ ਐਪ (Voter Helpline), ਰਾਸ਼ਟਰੀ ਵੋਟਰ ਸੇਵਾ ਪੋਰਟਲ (nvsp.in) ਤੋਂ ਆਪਣੇ ਵੇਰਵਿਆਂ ਦੀ ਤਸਦੀਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਹ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਦਾ ਦੌਰਾ ਕਰ ਸਕਦੇ ਹਨ ਜਾਂ ਬੀਐਲਓਜ਼ ਨੂੰ ਫਾਰਮ ਭਰ ਕੇ ਇਸ ਦੀ ਹਾਰਡ ਕਾਪੀ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਨਾਗਰਿਕ ਅਧਿਕਾਰਤ ਦਸਤਾਵੇਜ਼ਾਂ – ਆਧਾਰ ਕਾਰਡ, ਸਥਾਈ ਖਾਤਾ ਨੰਬਰ (ਪੈਨ) ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ, ਕਿਸੇ ਮਾਨਤਾ ਪ੍ਰਾਪਤ ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ ਦੀ ਇੱਕ ਕਾਪੀ, ਸੇਵਾਮੁਕਤ ਕਰਮਚਾਰੀ ਦਾ ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਕੇਂਦਰ/ਰਾਜ ਸਰਕਾਰ ਦੁਆਰਾ ਜਾਰੀ ਕੀਤਾ ਸਰਵਿਸ ਪਛਾਣ ਪੱਤਰ, ਮਨਰੇਗਾ ਜਾਬ ਕਾਰਡ, ਕਿਰਤ ਤੇ ਰੁਜ਼ਗਾਰ ਮੰਤਰਾਲੇ ਦੁਆਰਾ ਜਾਰੀ ਕੀਤਾ ਸਿਹਤ ਬੀਮਾ ਸਮਾਰਟ ਕਾਰਡ, ਚੋਣ ਮਸ਼ੀਨਰੀ ਜਾਂ ਈਸੀਆਈ ਵੱਲੋਂ ਪ੍ਰਵਾਨਤ ਕੋਈ ਫੋਟੋ ਵੋਟਰ ਪਰਚੀ ਜਮ੍ਹਾਂ ਕਰਵਾ ਕੇ ਆਪਣੇ ਵੇਰਵੇ ਪ੍ਰਮਾਣਿਤ ਕਰਵਾ ਸਕਦੇ ਹਨ ਅਤੇ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਸੀਈਓ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸੋਧ ਪ੍ਰਕਿਰਿਆ ਸ਼ੁਰੂ ਕਰਨ ਅਤੇ ਸਮੇਂ-ਸਮੇਂ ‘ਤੇ ਆਪਣੀਆਂ ਟੀਮਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਰਾਜੂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਵਿੱਚ ਬੂਥ ਲੈਵਲ ਏਜੰਟ (ਬੀਐਲਏ) ਦੀ ਪਛਾਣ ਕਰਨ ਅਤੇ ਨਿਯੁਕਤ ਕਰਨ ਲਈ ਉਤਸ਼ਾਹਿਤ ਕਰਨਗੇ ਜੋ ਬੀਐਲਓਜ਼ ਨਾਲ ਵੋਟਰ ਸੂਚੀਆਂ ਵਿੱਚ ਸੋਧਾਂ ਕਰਨ ਵਿੱਚ ਸਹਾਇਤਾ ਕਰਨਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!