ਪੰਜਾਬ

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ

ਗ੍ਰਿਫਤਾਰ ਮੁਲਜ਼ਮ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ: ਡੀਜੀਪੀ ਗੌਰਵ ਯਾਦਵ

 

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

ਚੰਡੀਗੜ੍ਹ, 15 ਜਨਵਰੀ:

 

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।

ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ।

ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ।

ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।

ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ।

ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ‘ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ।

ਦੱਸਣਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 7 ਮਿਤੀ 28.10.2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!