ਪੰਜਾਬ

ਪੰਜਾਬ ਵਿੱਚ 15 ਫਰਵਰੀ ਤੋਂ ਵਿਦੇਸ਼ੀ ਪੜਾਈ ਤੇ ਪਲੇਸਮੈਂਟ ਸੈੱਲ ਦੀ ਹੋਵੇਗੀ ਸ਼ੁਰੂਆਤ: ਰੋਜ਼ਗਾਰ ਉਤਪਤੀ ਮੰਤਰੀ

ਕੇਂਦਰ ਸਰਕਾਰ ਨੇ ਇਸ ਸੈੱਲ ਨੂੰ ਦਿੱਤੀ ਮਨਜ਼ੂਰੀਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਹੁਨਰਮੰਦ ਕਰਨ ਲਈ ‘ਮਿਸ਼ਨ ਸਕਾਈ’ ਹੋਵੇਗਾ ਲਾਂਚ
ਚੰਡੀਗੜ, 5 ਜਨਵਰੀ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੋਂ ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਸੈੱਲ ਦੀ ਸਥਾਪਨਾ ਵਿਦੇਸ਼ ਵਿੱਚ ਪੜਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ‘ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਕੀਤੀ ਗਈ ਹੈ। 


ਚੰਨੀ ਨੇ ਕਿਹਾ ਕਿ ਇਸ ਸੈੱਲ ਦੀ ਸ਼ੁਰੂਆਤ ਮੁਹਾਲੀ ਤੋਂ ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਕੀਤੀ ਜਾਵੇਗੀ। ਇਸ ਸੈੱਲ ਵਿਖੇ ਨੌਜਵਾਨਾਂ ਨੂੰ ਕਾਊਂਸਲਿੰਗ ਮਗਰੋਂ ਸਟੱਡੀ ਵੀਜ਼ਾ ਅਤੇ ਵਰਕ ਵੀਜ਼ਾ ਲੈਣ ਲਈ ਸਰਕਾਰ ਵੱਲੋਂ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੰਤਵ ਲਈ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਭਾਰਤ ਸਰਕਾਰ ਤੋਂ ਪ੍ਰਵਾਨਗੀ ਵੀ ਮਿਲ ਗਈ ਹੈ। ਹੁਣ ਇਸ ਦੇ ਅਗਲੇ ਪੜਾਅ ਤਹਿਤ ਵਿਦੇਸ਼ੀ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਪੰਜਾਬੀ ਨੌਜਵਾਨਾਂ ਨੂੰ ਸਟੱਡੀ ਵੀਜ਼ਾ ਦੀ ਸਹਾਇਤਾ ਲਈ ਗੱਲਬਾਤ ਚੱਲ ਰਹੀ ਹੈ। ਇਹ ਸੈੱਲ ਵੱਧ ਤੋਂ ਵੱਧ ਪੰਜਾਬੀ ਨੌਜਵਾਨਾਂ ਨੂੰ ਉਨਾਂ ਦੀ ਯੋਗਤਾ ਅਤੇ ਦਿਲਚਸਪੀ ਦੇ ਆਧਾਰ ’ਤੇ ਸਟੱਡੀ ਵੀਜ਼ਾ ਅਤੇ ਵਰਕ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਫ਼ੀ ਮਦਦਗਾਰ ਸਾਬਤ ਹੋਵੇਗਾ।
ਇੱਥੇ ਅੱਜ ਪੰਜਾਬ ਭਵਨ ਵਿੱਚ ਸਕੱਤਰ ਰਾਹੁਲ ਤਿਵਾੜੀ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨਾਲ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਸ ਸਾਲ ਸੂਬਾ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 10 ਲੱਖ ਲੋਕਾਂ ਨੂੰ ਰੋਜ਼ਗਾਰ/ਸਵੈ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਜਿਸ ਤਹਿਤ ਇਕ ਲੱਖ ਸਰਕਾਰੀ ਨੌਕਰੀਆਂ, 4 ਲੱਖ ਨਿੱਜੀ ਖੇਤਰ ਵਿੱਚ ਨੌਕਰੀਆਂ ਅਤੇ ਪੰਜ ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦਿਵਾਇਆ ਜਾਵੇਗਾ। ਇਸ ਤੋਂ ਪਹਿਲਾਂ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪਿਛਲੇ ਤਿੰਨ ਸਾਲ ਦੌਰਾਨ ਹੁਣ ਤੱਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
‘ਘਰ ਘਰ ਰੋਜ਼ਗਾਰ ਮਿਸ਼ਨ’ ਨੂੰ ਨਿਵੇਕਲੀ ਪਹਿਲਕਦਮੀ ਗਰਦਾਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਵੇਂ ਸਿਰਿਓਂ ਵਿਉਂਤਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਇਸ ਅਧੀਨ ਲਿਆਂਦਾ ਗਿਆ ਹੈ। ਜ਼ਿਲਾ ਰੋਜ਼ਗਾਰ ਦਫ਼ਤਰਾਂ ਨੂੰ ਵੀ ਜ਼ਿਲਾ ਰੋਜ਼ਗਾਰ ਤੇ ਐਂਟਰਪ੍ਰਾਈਜਜ਼ ਬਿਉਰੋ ਵਜੋਂ ਨਵਿਆਇਆ ਗਿਆ ਹੈ। ਇਸ ਤੋਂ ਇਲਾਵਾ ਕੋਵਿਡ ਮਹਾਂਮਾਰੀ ਤੋਂ ਪਹਿਲਾਂ ਇਨਾਂ ਬਿਉਰੋ ਵੱਲੋਂ 1100 ਬੇਰੋਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਕਰਨ ਵਿੱਚ ਸਹਾਇਤਾ ਕੀਤੀ ਗਈ। ਮਹਾਂਮਾਰੀ ਦੌਰਾਨ ਇਨਾਂ ਦਫ਼ਤਰਾਂ ਵੱਲੋਂ ਨੌਜਵਾਨਾਂ ਨੂੰ ਆਨਲਾਈਨ ਸਿਖਲਾਈ ਤੇ ਜਾਣਕਾਰੀ ਦਿੱਤੀ ਗਈ।
ਪੰਜਾਬ ਵਿੱਚ ਜਾਪਾਨ ਤੋਂ ਨਿਵੇਸ਼ ਦੀਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਜਾਪਾਨੀ ਭਾਸ਼ਾ ਦੇ ਸਿਖਲਾਈ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਦੇ ਪਹਿਲੇ ਪੜਾਅ ਨੂੰ ਪੂਰਾ ਕਰ ਲਿਆ ਹੈ। ਇਸ ਤਹਿਤ ਜਾਪਾਨੀ ਭਾਸ਼ਾ ਦੀ ਸਿਖਲਾਈ ਦੇਣ ਲਈ 37 ਮਾਸਟਰ ਟਰੇਨਰ ਤਿਆਰ ਕੀਤੇ ਗਏ ਹਨ, ਜੋ 18 ਤੋਂ 45 ਸਾਲ ਦੇ ਨੌਜਵਾਨਾਂ ਨੂੰ ਜਾਪਾਨੀ ਭਾਸ਼ਾ ਦਾ 200 ਘੰਟੇ ਦਾ ਕੋਰਸ ਕਰਵਾਉਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਹੁਨਰ ਸਿਖਲਾਈ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਆਦੇਸ਼ਾਂ ਤਹਿਤ ‘ਮਿਸ਼ਨ ਰੈੱਡ ਸਕਾਈ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਹਿਤ ਹਰ ਜ਼ਿਲੇ ਵਿੱਚੋਂ 500 ਅਤੇ ਕੁੱਲ 11000 ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਦਿਵਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!