ਪੰਜਾਬ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸ਼ਰਾਬ ਦੇ ਪ੍ਰਚੂਨ ਤੇ ਥੋਕ ਵਿਕਰੇਤਾਵਾਂ ਨੂੰ ਸਖ਼ਤ ਹਦਾਇਤਾਂ ਜਾਰੀ
ਅਣਅਧਿਕਾਰਤ ਤੌਰ ’ਤੇ ਸ਼ਰਾਬ ਦਾ ਭੰਡਾਰ ਜਾਂ ਵਿਕਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ
ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ: ਜ਼ਿਲ੍ਹਾ ਚੋਣ ਅਫ਼ਸਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 11 ਜਨਵਰੀ, 2022: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਭਾਵਿਤ ਤਰੀਕਿਆਂ ’ਤੇ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।
ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਆਡੀਟੋਰੀਅਮ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਸ਼ਰਾਬ ਦੇ ਪ੍ਰਚੂਨ ਤੇ ਥੋਕ ਵਿਕਰੇਤਾਵਾਂ ਨਾਲ ਵਿਧਾਨ ਸਭਾ ਚੋਣਾਂ ਦੇ ਸਨਮੁੱਖ ਅਹਿਮ ਮੀਟਿੰਗ ਦੌਰਾਨ ਕੀਤਾ। ਸਮੂਹ ਹਾਜ਼ਰੀਨ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਪੈਸੇ ਅਤੇ ਨਸ਼ਿਆਂ ਦੀ ਵਰਤੋਂ ਨੂੰ ਮੁਕੰਮਲ ਰੂਪ ਵਿੱਚ ਰੋਕਣ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਗੈਰ ਸਮਾਜਿਕ ਅਨਸਰ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਾ ਹੋ ਸਕਣ ਅਤੇ ਵੋਟਰ ਵੋਟ ਪਾਉਣ ਦੇ ਆਪਣੇ ਨੈਤਿਕ ਅਧਿਕਾਰ ਦੀ ਬਿਨਾਂ ਕਿਸੇ ਦਬਾਅ ਜਾਂ ਲਾਲਚ ਦੇ ਵਰਤੋਂ ਕਰ ਸਕਣ।
ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦਾ ਭੰਡਾਰ ਕਰਨ ’ਤੇ ਵੀ ਪੂਰਨ ਪਾਬੰਦੀ ਹੈ ਅਤੇ ਇਸ ਦੀ ਰੋਕਥਾਮ ਲਈ ਚੌਕਸੀ ਟੀਮਾਂ ਵੱਖ ਵੱਖ ਪੱਧਰ ’ਤੇ ਕਾਰਜਸ਼ੀਲ ਹਨ। ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ਼ਰਾਬ ਦੀ ਰੋਜਾਨਾ ਦੀ ਵਿਕਰੀ ਦਾ ਰਿਕਾਰਡ ਮੇਨਟੇਨ ਕਰਕੇ ਰੱਖਿਆ ਜਾਵੇ ਅਤੇ ਕਿਸੇ ਵੀ ਠੇਕੇ ਰਾਹੀਂ ਸ਼ਰਾਬ ਦੀ ਵੱਧ ਵਿਕਰੀ ਹੋਣ ਦਾ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਛਾਪਾਮਾਰੀ ਜਾਂ ਜਾਂਚ ਦੌਰਾਨ ਕਿਸੇ ਸ਼ਰਾਬ ਵਿਕਰੇਤਾ ਦੀ ਸ਼ਰਾਬ ਦੇ ਅਣਅਧਿਕਾਰਤ ਭੰਡਾਰ ਜਾਂ ਸਿਆਸੀ ਪਾਰਟੀ ਜਾਂ ਉਮੀਦਵਾਰ ਨਾਲ ਸ਼ਮੂਲੀਅਤ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਅਜਿਹੇ ਕਾਰੋਬਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ 15 ਜਨਵਰੀ ਤੱਕ ਕਿਸੇ ਵੀ ਤਰ੍ਹਾਂ ਦੀਆਂ ਸਿਆਸੀ ਰੈਲੀਆਂ ਜਾਂ ਹੋਰ ਸਿਆਸੀ ਇਕੱਠਾਂ ਜਾਂ ਪੈਦਲ ਯਾਤਰਾ ਆਦਿ ’ਤੇ ਪਾਬੰਦੀ ਲਗਾਈ ਹੋਈ ਹੈ ਅਤੇ ਇਸ ਦੇ ਬਾਵਜੂਦ ਵੀ ਸ਼ਰਾਬ ਦੇ ਠੇਕਿਆਂ ’ਤੇ ਖਾਸ ਨਜ਼ਰ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਜਿਹੜੇ ਪਿੰਡਾਂ ਨਾਲ ਗੁਆਂਢੀ ਸੂਬੇ ਦੇ ਪਿੰਡ ਜੁੜਦੇ ਹਨ, ਉਨ੍ਹਾਂ ਰਸਤਿਆਂ ’ਤੇ ਵੀ ਪੂਰੀ ਚੌਕਸੀ ਰੱਖੀ ਜਾਵੇ ਅਤੇ ਅਜਿਹੀ ਕੋਈ ਵੀ ਗਤੀਵਿਧੀ ਸਾਹਮਣੇ ਆਉਣ ’ਤੇ ਮਾਮਲਾ ਫੌਰੀ ਤੌਰ ’ਤੇ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ ਪੁਲਿਸ ਦੇ ਸਹਿਯੋਗ ਨਾਲ ਨਾਕਾਬੰਦੀ ਨੂੰ ਵੀ ਮਜਬੂਤ ਕੀਤਾ ਜਾਵੇ ਤਾਂ ਜੋ ਗੈਰ-ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਦੇ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਸ਼੍ਰੀ ਚੰਦਰ ਮਹਿਤਾ ਵੀ ਹਾਜ਼ਰ ਸਨ।