ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ
* ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
ਚੰਡੀਗੜ੍ਹ, 1 ਜੁਲਾਈ
ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।