ਪੰਜਾਬ
ਜਾਖੜ ਲੋਕ ਸਭਾ ਦੀ ਕਾਰਗੁਜ਼ਾਰੀ ਤੇ ਆਗਾਮੀ ਜ਼ਿਮਨੀ ਚੋਣਾਂ ਦੀ ਰਣਨੀਤੀ ਬਣਾਉਣ ਲਈ ਅਹਿਮ ਮੀਟਿੰਗ ਕਰਨਗੇ
ਆਗਾਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਅਤੇ ਸਥਾਨਕ ਸਰਕਾਰਾਂ ਦੀ ਚੋਣਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ
ਚੰਡੀਗੜ੍ਹ, 14 ਜੂਨ: ਪੰਜਾਬ ਦੀਆਂ 13 ਸੀਟਾਂ ‘ਤੇ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਤੇ ਆਗਾਮੀ ਜ਼ਿਮਨੀ ਚੋਣਾਂ ਦੀ ਰਣਨੀਤੀ ਬਣਾਉਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫਤਰ ਵਿਖੇ ਦਿਨ ਭਰ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ੁੱਕਰਵਾਰ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ ਵੀ ਇਸ ਵਿੱਚ ਮੌਜੂਦ ਰਹਿਣਗੇ।
ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਆਗਾਮੀ ਜ਼ਿਮਨੀ ਚੋਣਾਂ, ਲੋਕਲ ਬਾਡੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਬਾਅਦ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ ਜਿਸ ਵਿੱਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ-ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।
ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਲੋਕਲ ਬਾਡੀ ਚੋਣਾਂ ਅਤੇ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ।