ਪੰਜਾਬ
ਡੀ ਸੀ ਜਤਿੰਦਰ ਜੋਰਵਾਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਚੈਕਿੰਗ
ਗੈਰ-ਹਾਜ਼ਰ ਪਾਏ ਗਏ ਤਿੰਨ ਦਰਜਨ ਤੋਂ ਵੱਧ ਕਰਮੀਆਂ ਨੂੰ ਨੋਟਿਸ ਜਾਰੀ
ਸੰਗਰੂਰ, 28 ਫਰਵਰੀ, ਦਲਜੀਤ ਕੌਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਐਸ.ਡੀ.ਐਮ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸ਼ਾਖਾਵਾਂ ਦੀ ਅਚਨਚੇਤ ਚੈਕਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਗੈਰ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਭਵਿੱਖ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਪਾਰਦਰਸ਼ੀ ਢੰਗ ਨਾਲ ਨਾਗਰਿਕਾਂ ਨੂੰ ਮਿਆਰੀ ਅਤੇ ਸਮਾਂ ਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਮਾਮਲੇ ਵਿੱਚ ਅਣਗਹਿਲੀ ਕਰੇਗਾ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ, ਫਰਦ ਕੇਂਦਰ, ਤਹਿਸੀਲ ਕੰਪਲੈਕਸ, ਖਜ਼ਾਨਾ ਦਫਤਰ, ਮਾਲ ਵਿਭਾਗ ਦੀਆਂ ਸ਼ਾਖਾਵਾਂ ਆਦਿ ਵਿਖੇ ਸਟਾਫ਼ ਦੀ ਹਾਜ਼ਰੀ ਅਤੇ ਮੌਜੂਦਗੀ ਦਾ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਤਿੰਨ ਦਰਜਨ ਤੋਂ ਵੱਧ ਕਰਮਚਾਰੀ ਗੈਰਹਾਜ਼ਰ ਪਾਏ ਗਏ ਜਿਸ ਦਾ ਡਿਪਟੀ ਕਮਿਸ਼ਨਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵੀ ਆਪਣੇ ਸਟਾਫ ਦੀ ਵਿਭਾਗਾਂ ਵਿਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਚੈਕਿੰਗ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇਗਾ।