ਪੰਜਾਬ

ਟੈਕਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਟੈਕਸ ਚੋਰੀ ਕਰਨ ਵਾਲਿਆਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਣ ਦੇ ਹੁਕਮ 

ਸਰਕਾਰ ਦਾ ਮਾਲੀਆ ਵਧਾਉਣ ਦੇ ਉਦੇਸ਼ ਨਾਲ ਕੀਤੇ ਆਦੇਸ਼ 

ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਮਿਸ਼ਨਰ 

ਅੰਮ੍ਰਿਤਸਰ ਵਿਖੇ ਸਮੀਖਿਆ ਮੀਟਿੰਗ 

ਚੰਡੀਗੜ੍ਹ/ ਅੰਮ੍ਰਿਤਸਰ, 8 ਜੁਲਾਈ-

ਪੰਜਾਬ ਦੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਮਾਲੀਆ ਵਧਾਉਣ ਲਈ ਟੈਕਸ ਚੋਰੀ ਕਰਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਹਨ।

ਟੈਕਸ ਉਗਰਾਹੀ ਦਾ ਜਾਇਜ਼ਾ ਲੈਣ ਲਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਟੈਕਸ ਚੋਰੀ ਰੋਕਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਟੈਕਸਾਂ ਦੀ ਚੋਰੀ, ਜੇਕਰ ਕੋਈ ਹੋਵੇ, ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਸ੍ਰੀ ਯਾਦਵ ਨੇ ਕਿਹਾ ਕਿ ਟੈਕਸਾਂ ਦੀ ਚੋਰੀ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਹੁਣ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸੇਗਾ।

ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਇਸ ਸਾਲ ਟੈਕਸ ਵਸੂਲੀ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਨਵਾਂ ਮਾਪਦੰਡ ਸਥਾਪਤ ਕਰੇਗਾ।

ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦ ਵਸੂਲੀ ਲਈ ਵੀ ਯਤਨ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਇੱਛੁਕ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੀ ਰਿਕਵਰੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਟੈਕਸ ਵਸੂਲੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।

ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਦਾ ਸੁਆਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਅਧਿਕਾਰੀਆਂ ਵੱਲੋਂ ਦਿੱਤੇ ਅਜਿਹੇ ਨਵੇਂ ਅਤੇ ਗਤੀਸ਼ੀਲ ਵਿਚਾਰਾਂ ਨੂੰ ਸੂਬਾ ਪੱਧਰ ‘ਤੇ ਵੀ ਦੁਹਰਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।

ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਛੇਤੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।

ਇਕ ਹੋਰ ਮੁੱਦੇ ‘ਤੇ ਚਰਚਾ ਕਰਦੇ ਹੋਏ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਮੁਲਾਂਕਣ ਦੇ ਕੇਸਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਹੀਂ ਕਰਨਾ ਚਾਹੀਦਾ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਨੂੰ ਪੂਰਾ ਕਰਨਾ ਚਾਹੀਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਨੂੰ ਆਪਣਾ ਮੁਲਾਂਕਣ ਪੂਰਾ ਕਰਨ ਲਈ ਮਹੀਨਾਵਾਰ ਟੀਚੇ ਨਿਰਧਾਰਤ ਕੀਤੇ ਜਾਣਗੇ।

ਕਰ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਵਿਭਾਗ ਨੂੰ ਜਿੱਥੇ ਇੱਕ ਪਾਸੇ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਵਿੱਚ ਮਦਦ ਕਰਦਾ ਹੈ, ਉਥੇ ਹੀ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਦਾ ਹੈ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਅੰਮ੍ਰਿਤਸਰ ਦੇ ਜ਼ਿਲ੍ਹਾ ਟੈਕਸ ਬਾਰ ਅਤੇ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵੀ ਅੰਮ੍ਰਿਤਸਰ ਦੌਰੇ ’ਤੇ ਗਏ ਕਰ ਕਮਿਸ਼ਨਰ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਉਨ੍ਹਾਂ ਨੇ ਵੈਟ ਕੇਸਾਂ ਲਈ ਯਕਮੁਸ਼ਤ ਸਕੀਮ ਲਿਆਉਣ ਅਤੇ ਅੰਮ੍ਰਿਤਸਰ ਵਿਖੇ ਜੀ.ਐਸ.ਟੀ. ਭਵਨ ਦੀ ਉਸਾਰੀ ਸਮੇਤ ਵੱਖ-ਵੱਖ ਨੁਕਤਿਆਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਮਿਸ਼ਨਰ ਨੂੰ ਆਪਣੇ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਦੀ ਪਹੁੰਚ ਲਈ ਸਥਾਨਕ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਜੀ.ਐਸ.ਟੀ. ਦੀ ਡਾਇਰੈਕਟਰ ਸ੍ਰੀਮਤੀ ਬ੍ਰਹਮਨੀਤ ਕੌਰ, ਵਧੀਕ ਕਮਿਸ਼ਨਰ ਸ੍ਰੀ ਰਵਨੀਤ ਖੁਰਾਣਾ ਅਤੇ ਸ੍ਰੀ ਵਿਰਾਜ ਸ਼ਿਆਮਕਰਨ ਟਿਡਕੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!