*ਪੰਜਾਬ ਸਰਕਾਰ ਜੇਕਰ ਨਸ਼ਾ ਖਤਮ ਕਰਨਾ ਚਾਹੁੰਦੀ ਹੈ ਤਾਂ ਕੇਂਦਰ ਸਰਕਾਰ ਹਰ ਮਦਦ ਲਈ ਤਿਆਰ : ਅਸ਼ਵਨੀ ਸ਼ਰਮਾ*
*ਭਾਜਪਾ ਡਰੱਗ ਅਤੇ ਗੈਂਗਸਟਰ ਮੁੱਦੇ 'ਤੇ ਅਪਣਾਉਂਦੀ ਹੈ ਜ਼ੀਰੋ ਟਾਲਰੈਂਸ ਦੀ ਨੀਤੀ: ਅਸ਼ਵਨੀ ਸ਼ਰਮਾ*
ਚੰਡੀਗੜ੍ਹ, 31 ਜੁਲਾਈ ( ), ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਦੀ ਕਾਰਜਸ਼ੈਲੀ ‘ਤੇ ਸਵਾਲ ਖੜੇ ਕਰਦਿਆਂ ਕਿਹਾ ਹੈ ਕਿ ‘ਆਪ’ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਅਤੇ ਇਸ ਦੀ ਤਸਕਰੀ ਨੂੰ ਖ਼ਤਮ ਕਰਨ ‘ਚ ਫੇਲ ਸਾਬਿਤ ਹੋਈ ਹੈ। ਮਾਨ ਅਤੇ ਕੇਜਰੀਵਾਲ ਨਸ਼ੇ ਅਤੇ ਗੈੰਗਸਟਰਾਂ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੇ ਰਹਿੰਦੇ ਹਨ, ਪਰ ਅਸਲੀਅਤ ਇਹ ਹੈ ਕਿ ਜੇਲ੍ਹਾਂ ਵਿੱਚ ਬੈਠੇ ਸਮੱਗਲਰ ਅਤੇ ਗੈਂਗਸਟਰ ਜੇਲ੍ਹਾਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਵਾਂਗ ਸਿਰਫ ਇਸ਼ਤਿਹਾਰਾਂ ‘ਤੇ ਆਧਾਰਿਤ ਰਾਜਨੀਤੀ ਕਰਕੇ ਜਨਤਾ ਨੂੰ ਮੂਰਖ ਬਣਾ ਰਹੇ ਹਨ। ਜਦੋਂ ਕਿ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਸੂਬੇ ਵਿੱਚ ਹਰ ਰੋਜ਼ ਦੋ-ਤਿੰਨ ਨੌਜਵਾਨ ਨਸ਼ਿਆਂ ਕਾਰਨ ਜਾਂ ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗੁਆ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸੂਬੇ ਦੇ ਹਿੱਤ ‘ਚ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਾ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਦੂਜੇ ਰਾਜਾਂ ਵਿੱਚ ਆਪਣੀ ਪਾਰਟੀ ਦੇ ਪ੍ਰਚਾਰ ‘ਤੇ ਖਰਚਣਾ ਚਾਹਿਦਾ ਹੈ। ਅੱਜ ਪੰਜਾਬ ਦਾ ਨਾਮ ਨਸ਼ੇ ਦੀ ਤਸਕਰੀ ਅਤੇ ਗੈਂਗਸਟਰਾਂ ਲਈ ਦੁਨੀਆਂ ਵਿੱਚ ਮਸ਼ਹੂਰ ਹੋ ਗਿਆ ਹੈ। ਪੰਜਾਬ ਵਿੱਚ ਵੱਧ ਰਹੀ ਨਸ਼ਾ ਤਸਕਰੀ ਅਤੇ ਗੈਂਗਸਟਰ ਰਾਜ ਕਾਰਨ ਵਿਦੇਸ਼ਾਂ ਵਿੱਚ ਪੰਜਾਬ ਦਾ ਨਾਮ ਬਦਨਾਮ ਹੋ ਗਿਆ ਹੈ। ਪੰਜਾਬ ਨੂੰ ਪੁਰਾਣਾ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਇਸ ਵਿਗੜੇ ਅਕਸ ਨੂੰ ਠੀਕ ਕਰਨ ਲਈ ਉਪਰਾਲੇ ਕਰਨ ਦੀ ਲੋੜ ਹੈ ਨਾ ਕਿ ਕੇਜਰੀਵਾਲ ਦੇ ਸਾਹਮਣੇ ਆਪਣੇ ਆਪ ਨੂੰ ਸਹੀ ਸਾਬਤ ਕਰਨ ਦੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਇਸ ਦਾ ਪ੍ਰਮੁੱਖਤਾ ਨਾਲ ਸਮਰਥਨ ਕਰਦੀ ਹੈ ਕਿਉਂਕਿ ਪੰਜਾਬ ਇੱਕ ਸਰਹੱਦੀ ਅਤੇ ਬਹੁਤ ਹੀ ਸੰਵੇਦਨਸ਼ੀਲ ਸੂਬਾ ਹੈ। ਇਸ ਦੀ ਮਿਸਾਲ ਬੀਤੇ ਦਿਨੀਂ ਚੰਡੀਗੜ੍ਹ ਆਏ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਵੀ ਦਿੱਤੀ ਹੈ, ਜਿਨ੍ਹਾਂ ਨੇ ਅੰਮ੍ਰਿਤਸਰ ਵਿਖੇ ਐਨ.ਸੀ.ਬੀ. ਕੇਂਦਰ ਅਤੇ ਫੋਰੈਂਸਿਕ ਲੈਬ ਸਥਾਪਤ ਕਰਨ ਦੀ ਤਜਵੀਜ਼ ਰੱਖੀ ਅਤੇ ਇਸ ਲਈ ਸੂਬਾ ਸਰਕਾਰ ਨੂੰ ਜਗ੍ਹਾ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਇੱਥੇ ਹੋਰ ਯਤਨਾਂ ਦੀ ਲੋੜ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਇਥੇ ਸੁਰੱਖਿਆ ਦੇ ਨਜ਼ਰੀਏ ਤੋਂ ਬਹੁਤ ਹੀ ਸਾਵਧਾਨੀ ਵਰਤਣ ਦੀ ਲੋੜ ਹੈ। ਪਿਛਲੇ ਕੁਝ ਸਮੇਂ ਦੌਰਾਨ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਭਾਰੀ ਵਾਧਾ ਹੋਇਆ ਹੈ। ਹਾਲਾਂਕਿ, ਸਾਡੇ ਸੁਰੱਖਿਆ ਬਲ ਅਤੇ ਸੁਰੱਖਿਆ ਏਜੰਸੀਆਂ ਸਰਹੱਦ ਪਾਰ ਤੋਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਮੁੱਦੇ ਨੂੰ ਨੱਥ ਪਾਉਣ ਲਈ ਕੀਤੇ ਜਾ ਰਹੇ ਹਰ ਠੋਸ ਉਪਰਾਲੇ ਅਤੇ ਚੁੱਕੇ ਜਾਣ ਵਾਲੇ ਠੋਸ ਕਦਮਾਂ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਸਰਕਾਰ ਦੇ ਨਾਲ ਖੜੀ ਹੈ।
—