ਪੰਜਾਬਮੰਤਰੀ ਮੰਡਲ ਦੇ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ

 

*ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਚੁੱਕਿਆ ਕਦਮ*

*ਚੰਡੀਗੜ੍ਹ, 21 ਫਰਵਰੀ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧ ਅਨੁਸਾਰ ਹਰੇਕ ਅਦਾਰੇ ਲਈ ਬੋਰਡ ‘ਤੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਆਪਣਾ ਨਾਂ ਦਰਸਾਉਣਾ ਲਾਜ਼ਮੀ ਹੋਵੇਗਾ । ਹਾਲਾਂਕਿ, ਬੋਰਡ ‘ਤੇ ਨਾਮ ਲਿਖਣ ਲਈ ਗੁਰਮੁਖੀ ਲਿਪੀ ਤੋਂ ਇਲਾਵਾ ਇਸ ਤੋਂ ਹੇਠ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਜਿਨ੍ਹਾਂ ਅਦਾਰਿਆਂ ਨੇ ਅਜੇ ਤੱਕ ਅਜਿਹਾ ਨਹੀਂ ਕੀਤਾ ਹੈ, ਉਨ੍ਹਾਂ ਨੂੰ ਇਹ ਨਿਯਮ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ ਅੰਦਰ ਅਜਿਹਾ ਕਰਨਾ ਹੋਵੇਗਾ। ਨਵੇਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਦੇ ਬਾਅਦ ਹਰੇਕ ਉਲੰਘਣ ਲਈ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

*45 ਦਿਨਾਂ ਅੰਦਰ ਸੀ.ਐਲ.ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ*

 

ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਕੇ ਸੂਬੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿੱਚ ਜ਼ਮੀਨ ਦੇ ਕਿਸੇ ਵੀ ਹਿੱਸੇ ‘ਤੇ ਕੋਈ ਵੀ ਉਸਾਰੀ/ਗਤੀਵਿਧੀ ਸ਼ੁਰੂ ਕਰਨ ਲਈ ਸੀ.ਐਲ.ਯੂ. ਦੀ ਪ੍ਰਵਾਨਗੀ ਲੈਣਾ ਲਾਜ਼ਮੀ ਹੈ, ਜਿਸ ਤੋਂ ਬਾਅਦ ਹੀ ਸਬੰਧਤ ਗਤੀਵਿਧੀ ਲਈ ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਇਸ ਸਾਰੀ ਪ੍ਰਕਿਰਿਆ ਵਿੱਚ ਕਈ ਵਾਰ ਛੇ ਮਹੀਨਿਆਂ ਤੋਂ ਵੱਧ ਸਮਾਂ ਲੱਗ ਜਾਂਦਾ ਹੈ ਜਿਸ ਕਾਰਨ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਹੁੰਦੀ ਹੈ। ਪਰ ਹੁਣ ਸੀ.ਐਲ.ਯੂ., ਲੇਆਉਟ ਪਲਾਨ/ਬਿਲਡਿੰਗ ਪਲਾਨ ਅਤੇ ਕਾਲੋਨੀ ਨੂੰ ਲਾਇਸੈਂਸ ਦੀ ਇਜਾਜ਼ਤ ਇਕੋ ਸਮੇਂ ਦਿੱਤੀ ਜਾਵੇਗੀ ਜਿਸ ਨਾਲ ਉਪਰੋਕਤ ਇਜਾਜ਼ਤ ਦੇਣ ਦੀ ਸਮਾਂ-ਸੀਮਾ 45-60 ਦਿਨਾਂ ਤੱਕ ਘਟ ਜਾਵੇਗੀ।

*ਦੰਗਾ/ਅੱਤਵਾਦ ਪੀੜਤਾਂ ਲਈ ਰਾਖਵਾਂਕਰਨ 31 ਦਸੰਬਰ, 2026 ਤੱਕ ਵਧਾਇਆ*

ਮੰਤਰੀ ਮੰਡਲ ਨੇ ਅਰਬਨ ਅਸਟੇਟ/ਇੰਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਅਤੇ ਹੋਰਨਾਂ ਵੱਲੋਂ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਵਿੱਚ ਦੰਗਾ/ਅੱਤਵਾਦ ਪੀੜਤਾਂ ਨੂੰ 5 ਫ਼ੀਸਦ ਰਾਖਵਾਂਕਰਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਾਲਿਸੀ ਦੀ ਮਿਆਦ 31 ਦਸੰਬਰ, 2021 ਨੂੰ ਖਤਮ ਹੋ ਗਈ ਸੀ ਪਰ ਇਸ ਫੈਸਲੇ ਨਾਲ ਪਾਲਿਸੀ ਦੀ ਮਿਆਦ ਨੂੰ ਹੋਰ ਪੰਜ ਸਾਲ ਭਾਵ 31 ਦਸੰਬਰ, 2026 ਤੱਕ ਵਧਾ ਦਿੱਤਾ ਜਾਵੇਗਾ।

*”ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023″ ਅਤੇ “ਪੰਜਾਬ ਫੂਡ ਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2023” ਨੂੰ ਪ੍ਰਵਾਨਗੀ*

ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ “ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023” ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ “ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023” ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਆਪਣੀਆਂ ਸਟੇਟ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਮਨੋਨੀਤ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ ਕਰਦੀ ਹੈ। ਸਾਲ 2023 ਦੌਰਾਨ ਅਨਾਜ ਦੀ ਢੋਆ-ਢੁਆਈ, ਅਨਾਜ ਦੀ ਲੇਬਰ ਅਤੇ ਕਾਰਟੇਜ ਦੇ ਕੰਮ ਮੁਕਾਬਲੇ ਵਾਲੀ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ।

*ਠੇਕੇ ‘ਤੇ ਭਰਤੀ ਪਟਵਾਰੀਆਂ ਦੀ ਤਨਖਾਹ ਵਧਾਉਣ ਅਤੇ 1766 ਰੈਗੂਲਰ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਦੀ ਠੇਕੇ ‘ਤੇ ਭਰਤੀ ਨੂੰ ਕਾਰਜ ਬਾਅਦ ਪ੍ਰਵਾਨਗੀ*

ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ ‘ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ। ਇਸ ਲਈ ਰੈਗੂਲਰ ਮਾਲ ਪਟਵਾਰੀ ਮਿਲਣ ਤੱਕ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ‘ਚੋਂ ਠੇਕੇ ‘ਤੇ ਭਰਨ ਦਾ ਫੈਸਲਾ ਕੀਤਾ ਗਿਆ ਹੈ।

*ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ ਤੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ*

ਮੰਤਰੀ ਮੰਡਲ ਨੇ ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ, ਪੰਜਾਬ (ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ) ਦੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਏ) ਸਰਵਿਸਿਜ਼ ਰੂਲਜ਼, 2023, ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਬੀ) ਸਰਵਿਸਿਜ਼ ਰੂਲਜ਼, 2023 ਅਤੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਾਧਾ ਹੋਣ ਦੇ ਨਾਲ ਨਾਲ ਭਰਤੀ ਅਤੇ ਤਰੱਕੀ ਵਿੱਚ ਕਾਫੀ ਮੌਕੇ ਪੈਦਾ ਹੋਣਗੇ।

ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਏ) ਸੇਵਾ ਨਿਯਮ-2023, ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਬੀ) ਸੇਵਾ ਨਿਯਮ-2023 ਅਤੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) ) (ਗਰੁੱਪ ਸੀ) ਸੇਵਾ ਨਿਯਮ-2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

—-

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!