ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤਿੰਨ ਦਿਨਾਂ ਬਠਿੰਡਾ ਦੌਰੇ ਤੇ
--ਜ਼ਿਲ੍ਹਾ ਪੁਲਿਸ ਵੱਲੋਂ ਦਿੱਤਾ ਗਿਆ ਗਾਰਡ ਆਫ਼ ਆਨਰ
–ਸ੍ਰੀ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਹੋਏ ਨਤਮਸਤਕ
ਬਠਿੰਡਾ, 8 ਜੁਲਾਈ ( ) : ਸ. ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਹਾਊਸਿੰਗ, ਸ਼ਹਿਰੀ ਮਾਮਲੇ, ਪੈਟਰੋਲੀਅਮ ਅਤੇ ਕੁਦਰਤੀ ਗੈਸ ਅੱਜ ਤੋਂ ਬਠਿੰਡਾ ਵਿਖੇ ਤਿੰਨ ਦਿਨਾਂ ਦੌਰੇ ਤੇ ਹਨ। ਉਨ੍ਹਾਂ ਦਾ ਇੱਥੇ ਪਹੁੰਚਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਸੀਨੀਅਰ ਪੁਲਿਸ ਕਪਤਾਨ ਸ੍ਰੀ ਜੇ.ਇਲਨਚੇਲੀਅਨ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੂੰ ਲੇਕ ਵਿਊ ਗੈਸਟ ਹਾਊਸ ਬਠਿੰਡਾ ਵਿਖੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਕੇਂਦਰੀ ਮੰਤਰੀ ਸ੍ਰੀ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੀ ਸਾਹਿਬ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਸ. ਪੁਰੀ ਨੂੰ ਸ੍ਰੀ ਗੁਰਦੁਆਰਾ ਕਿਲ੍ਹਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ ਗਿਆ।
ਆਪਣੇ ਦੌਰੇ ਦੇ ਦੂਜੇ ਦਿਨ (9 ਜੁਲਾਈ ਨੂੰ) ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਵੱਲੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਵਿਸ਼ੇਸ਼ ਤੌਰ ਤੇ ਜਾਣਗੇ। ਇਸ ਦੌਰਾਨ ਉਨ੍ਹਾਂ ਵੱਲੋਂ ਇੱਥੇ ਵਾਤਾਵਰਨ ਦੀ ਸ਼ੁੱਧਤਾ ਦੀ ਮਹੱਤਤਾ ਨੂੰ ਮੁੱਖ ਰਖਦਿਆਂ ਪੌਦੇ ਵੀ ਲਗਾਏ ਜਾਣਗੇ। ਇਸ ਉਪਰੰਤ ਕੇਂਦਰੀ ਮੰਤਰੀ ਸ. ਪੁਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ ਜਾਵੇਗੀ।
ਦੌਰੇ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ.ਸਿੰਘ, ਐਸ.ਪੀ. ਸ੍ਰੀ ਤਰੁਣ ਰਤਨ, ਭਾਜਪਾ ਦੇ ਸੂਬਾ ਜਨਰਲ ਸਕੱਤਰ ਸ. ਦਿਆਲ ਸਿੰਘ ਸੋਢੀ ਅਤੇ ਸ੍ਰੀ ਸੁਭਾਸ਼ ਸ਼ਰਮਾ, ਸਟੇਟ ਸੈਕਟਰੀ ਸ੍ਰੀ ਸਿਵਰਾਜ ਚੌਧਰੀ ਅਤੇ ਸੁਖਪਾਲ ਸਰਾਂ, ਸਟੇਟ ਮੀਡੀਆ ਇੰਚਾਰਜ ਸ੍ਰੀ ਸੁਨੀਲ ਸਿੰਗਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਬਿਨੋਦ ਬਿੰਟਾ ਆਦਿ ਹਾਜ਼ਰ ਸਨ।