ਵਿਜੀਲੈਂਸ ਬਿਊਰੋ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਦੋਸ਼ੀ ਨੇ ਸ਼ਿਕਾਇਤਕਰਤਾ ਦੀ ਤਨਖਾਹ ਜਾਰੀ ਕਰਨ ਲਈ ਮੰਗੀ ਸੀ 10,000 ਰੁਪਏ ਰਿਸ਼ਵਤ
ਚੰਡੀਗੜ, 6 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੋਨ ਡੀ, ਨਗਰ ਨਿਗਮ (ਐਮ.ਸੀ.) ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,00 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ।
ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।