ਪੰਜਾਬ
ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਕਾਬੂ
ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵੇਂ ਮੁਲਜ਼ਮ ਗੁਰਮੀਤ ਸਿੰਘ (ਐਮ.ਵੀ.ਆਈ.) ਅਤੇ ਉਸ ਦੇ ਨਿੱਜੀ ਏਜੰਟ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।
——-