ਪੰਜਾਬ

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

ਕਿਹਾ, ‘ਲੋਕਾਂ ਦੀ ਅਵਾਜ਼ ਸੁਣਨਾ ਸਰਕਾਰਾਂ ਦਾ ਫਰਜ਼’

ਇਹ ਕਰਤਾਰਪੁਰ ਲਾਂਘਾ ਖੋਲ੍ਹਦਾ ਸਮਾਂ-ਜੇਕਰ ਪਾਕਿਸਤਾਨ ਖੋਲ੍ਹ ਸਕਦਾ ਹੈ ਤਾਂ ਅਸੀਂ ਕਿਉਂ ਨਹੀਂ?

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਮੌਕੇ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ, 30 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਖੇਤੀ ਮਾਰੂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੀ ਮੰਗਾਂ ਪ੍ਰਤੀ ਅੜੀਅਲ ਰਵੱਈਆ ਕਿਉਂ ਅਪਣਾ ਰਹੀ ਹੈ ਅਤੇ ਉਨਾਂ ਦੀ ਗੱਲ ਕਿਉਂ ਨਹੀਂ ਸੁਣੀ ਜਾ ਰਹੀ’। 

ਮੁੱਖ ਮੰਤਰੀ ਨੇ ਕਿਹਾ ਕਿ ‘ ਲੋਕਾਂ ਦੀ ਗੱਲ ਸੁਣਨਾ ਸਰਕਾਰਾਂ ਦਾ ਫਰਜ਼ ਹੁੰਦਾ ਹੈ’। ਦੋਹਾਂ ਇਤਿਹਾਸਕ ਸਥਾਨਾਂ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਜੇਕਰ ਅਨੇਕਾਂ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨਾਂ ਵਿਚ ਤਿੱਖਾ ਸੰਘਰਸ਼ ਕਰ ਰਹੇ ਹਨ ਤਾਂ ਲਾਜਮੀ ਹੈ ਕਿ ਉਹ ਇਨਾਂ ਕਾਨੂੰਨਾਂ ਕਾਰਨ ਚਿੰਤਾ ਵਿਚ ਹਨ’।  ਉਨਾਂ ਆਪਣੀ ਸਰਕਾਰ ਦੀ ਕਿਸਾਨਾਂ ਦੇ ਹੱਕ ਵਿਚ ਡਟਕੇ ਖੜਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਵਲੋਂ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸਣ ਦੇ ਸਟੈਂਡ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਅਜਿਹਾ ਕਹਿ ਰਹੇ ਹਨ ਜਿਸ ਕਰਕੇ ਪੰਜਾਬ ਨੂੰ ਆਪਣੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਬਿੱਲ ਪਾਸ ਕਰਨੇ ਪਏ।  ਉਨਾਂ ਰਾਜਪਾਲ ਵਲੋਂ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਥਾਂ ਆਪਣੇ ਕੋਲ ਰੱਖਣ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਸਲਾਹਕਾਰਾਂ ਦੀ ਨਿਯੁਕਤੀ ਵੇਲੇ ਵੀ ਪਿਛਲੇ ਸਾਲ ਰਾਜਪਾਲ ਵਲੋਂ ਅਜਿਹਾ ਕੀਤਾ ਗਿਆ ਸੀ।

ਘੱਟੋ ਘੱਟ ਖਰੀਦ ਮੁੱਲ ਤੇ ਆੜਤੀ ਵਿਵਸਥਾ ਨੂੰ ਪੰਜਾਬ ਦੇ ਸਫਲ ਖੇਤੀ ਮਾਡਲ ਦਾ ਅਧਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਵਿਚਕਾਰ ਗਹਿਰਾ ਰਿਸ਼ਤਾ ਹੈ, ਜਿਸ ਕਰਕੇ ਅਜਿਹੀ ਸੁਚੱਜੀ ਵਿਵਸਥਾ ਨੂੰ ਤਬਦੀਲ ਕਰਨ ਦੀ ਕੀ ਲੋੜ ਹੈ? ਉਨਾਂ ਕਿਹਾ ਕਿ ‘ ਕੀ ਆੜਤੀਆਂ ਦੀ ਥਾਂ ਲੈਣ ਵਾਲੇ ਕਾਰਪੋਰੇਟ ਘਰਾਣੇ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜਨਗੇ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ ਗੁਰੂ ਸਾਹਿਬ ਵਲੋਂ ਛੋਟੇ ਕਿਸਾਨਾਂ ਨੂੰ ਖਾਸ ਮਹੱਤਤਾ ਦਿੱਤੀ ਗਈ ਸੀ ਅਤੇ ਸੂਬੇ ਦੀ 75 ਫੀਸਦੀ ਕਿਸਾਨੀ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ।  ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨਾਲ ਛੋਟੇ ਤੇ ਸੀਮਾਂਤ ਕਿਸਾਨਾਂ ਰੁਲ  ਜਾਣਗੇ , ਜਿਸ ਕਰਕੇ ਕਿਸਾਨ ਕੜਾਕੇ ਦੀ ਠੰਡ ਤੇ ਕਰੋਨਾ ਦੇ ਖੌਫ ਵਿਚ ਵੀ ਹਰਿਆਣਾ ਪੁਲਿਸ ਦੇ ਤਸ਼ੱਦਦ ਨੂੰ ਝੱਲਦੇ ਹੋਏ ਦਿੱਲੀ ਦੀ ਸਰਹੱਦ ਵਿਖੇ ਪ੍ਰਦਰਸ਼ਨ ਕਰ ਰਹੇ ਹਨ।

ਕਰਤਾਰਪੁਰ ਲਾਂਘੇ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲਈ ਇਹ ਸਹੀ ਸਮਾਂ ਹੈ ਕਿ ਇਸਨੂੰ ਦੁਬਾਰਾ  ਖੋਲਿਆ ਜਾਵੇ। ਉਨਾਂ ਕਿਹਾ ਕਿ ਜੇਕਰ ਪਾਕਿਸਤਾਨ ਇਸਨੂੰ ਖੋਲ ਸਕਦਾ ਹੈ ਤਾਂ ਅਸੀਂ ਕਿਉਂ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਕੇਂਦਰ ਸਰਕਾਰ ਇਸ ਕੌਰੀਡੋਰ ਨੂੰ ਖੋਲ ਕਿਉਂ ਨਹੀਂ ਰਹੀ।

ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਚੁਣੌਤੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਦੇਸ਼ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦਾ ਯਤਨ ਕਰਨ ਵਾਲੀਆਂ ਸ਼ਕਤੀਆਂ ਨੂੰ ਏਕਤਾ ਨਾਲ ਰੋਕਿਆ ਜਾਵੇ। ਉਨਾਂ ਚੀਨ ਦੀ ਸਰਹੱਦ ‘ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦ ਗੁਰਤੇਜ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਇਸ ਮਹਾਨ ਪੁੱਤਰ ਨੇ ਐਲ ਏ ਸੀ ਉੱਪਰ ਚੀਨ ਨਾਲ ਹਾਲ ਹੀ ਵਿਚ ਹੋਈਆਂ ਝੜਪਾਂ ਵਿਚ 12 ਚੀਨੀ ਸੈਨਿਕਾਂ ਨੂੰ ਮਾਰਕੇ ਖੁਦ ਸ਼ਹਾਦਤ ਦਾ ਜਾਮ ਪੀਤਾ।  ਮੁੱਖ ਮੰਤਰੀ ਨੇ ਕਿਹਾ ਕਿ ਕੇਵਲ ਇਕਜੁੱਟ ਭਾਰਤ ਹੀ ਦੇਸ਼ ਦੇ ਦੁਸ਼ਮਣਾਂ ਨਾਲ ਲੜ ਸਕਦਾ ਹੈ।
ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ , ਜਿਸਦੀ ਵਰਤਮਾਨ ਸਮੇਂ ਸਭ ਤੋਂ ਵੱਡੀ ਸਾਰਥਿਕਤਾ ਹੈ।

ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮਾਂ ਦੀ ਸੰਪੂਰਨਤਾ ਅਤੇ 551ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੋਵਾਂ ਸਥਾਨਾਂ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਉਨਾਂ ਵਿਸ਼ਵ ਭਰ ਦੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਦੀਆਂ ਪੁਰਾਣੀਆਂ ਸਿਖਿਆਵਾਂ ਅਜੋਕੇ ਸਮੇਂ ਵਿੱਚ ਵੀ ਉਨੀਆਂ ਹੀ ਸਾਰਥਕ ਸਿੱਧ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਮਾਨਵਤਾ ਦੀ ਭਲਾਈ ਲਈ ਪਿਆਰ,ਸ਼ਾਂਤੀ ਅਤੇ ਹਮਦਰਦੀ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨਾਂ ਕਿਹਾ ਕਿ ਸਿੱਖ ਦੁਨੀਆਂ ਦੇ ਕੋਨੇ-ਕੋਨੇ ਵਿੱਚ ਵਸਦੇ ਹਨ ਅਤੇ ਇਸੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ‘ਸਰਬੱਤ ਦਾ ਭਲੇ’ ਦਾ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਨੂੰ ਯੋਜਨਾਬੱਧ ਢੰਗ ਨਾਲ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਹੋਰ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨਾਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਇਹ ਵੀ ਕਿਹਾ ਕਿ ਜੇਕਰ ਸੁਲਤਾਨਪੁਰ ਲੋਧੀ ਵਿਖੇ ਹੋਰ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਲੋੜ ਹੈ ਤਾਂ ਉਸ ਸਬੰਧੀ ਤਜਵੀਜ਼ ਬਣਾ ਕੇ ਭੇਜੀ ਜਾਵੇ।

ਇਸ ਮੌਕੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਤਹਿਤ ਦਿਲੋਂ ਧੰਨਵਾਦ ਕੀਤਾ ਗਿਅਜਾ। ਵਿਧਾਇਕ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਰੇਲ ਕੋਚ ਫੈਕਟਰੀ ਦੇ ਨਾਲ ਲੱਗਦੀਆਂ ਕਲੋਨੀਆਂ ਵਿਖੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਫੰਡ ਜਾਰੀ ਕੀਤੇ ਜਾਣ ਕਿਉਂਕਿ ਇਨਾਂ ਕਲੋਨੀਆਂ ਵਿਚ 25000 ਤੋਂ ਜ਼ਿਆਦਾ ਲੋਕ ਰਹਿ ਰਹੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਸਭ ਲਈ ਚਾਨਣ ਮੁਨਾਰਾ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਨੂੰ ਸਭ ਨੂੰ ਖੁਸਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਚਾਹੀਦਾ ਹੈ।

ਨਾਮਧਾਰੀ ਸੰਸਥਾ ਦੇ ਮੁੱਖੀ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਪੰਜਾਬੀ ਹਮੇਸ਼ਾਂ ਹੀ ਸਮਾਜ ਦੇ ਹਰ ਵਰਗਾਂ ਦੀ ਭਲਾਈ ਲਈ ਮੋਹਰੀ ਰਹੇ ਹਨ ਅਤੇ ਪੰਜਾਬੀਆਂ ਨੇ ਇਕ ਵਾਰ ਫਿਰ ਇਹ ਕੋਵਿਡ-19 ਮਹਾਂਮਾਰੀ ਦੌਰਾਨ ਹਰ ਲੋੜਵੰਦ ਲੋਕਾਂ ਨੂੰ ਲੰਗਰ ਛਕਾ ਕੇ ਅਤੇ ਮਦਦ ਕਰਕੇ ਸਿੱਧ ਕਰ ਦਿੱਤਾ ਹੈ। ਉਨਾਂ ਵਲੋਂ ਸੂਬਾ ਸਰਕਾਰ ਦੁਆਰਾ ਔਖੀ ਘੜੀ ਦਾ ਸਾਹਮਣਾ ਕਰ ਰਹੇ ਲੋਕਾਂ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਸਿਹਤ ਅਤੇ ਅਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਬਖਸ਼ਿਸ ਕੀਤਾ। ਮੁੱਖ ਮੰਤਰੀ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਖਡੂਰ ਸਾਹਿਬ  ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਭੁੱਲਰ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਐਚ.ਐਸ. ਹੰਸਪਾਲ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੁਖਪਾਲ ਸਿੰਘ ਭੁੱਲਰ, ਸੁਖਵਿੰਦਰ ਸਿੰਘ ਡੈਨੀ, ਬੀ.ਐਸ. ਧਾਲੀਵਾਲ, ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਡਵੀਜ਼ਨਲ ਕਮਿਸ਼ਨਰ ਰਾਜ ਕਮਲ ਚੌਧਰੀ, ਡਾਇਰੈਕਟਰ ਸਮਾਜਿਕ  ਸੁਰੱਖਿਆ ਵਿਪੁਲ ਉਜਵਲ, ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ, ਐਸ.ਐਸ.ਪੀ ਕੰਵਰਦੀਪ ਕੌਰ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।

ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਸਮੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਵੱਲੋਂ ਰੁਮਾਲਾ ਸਾਹਿਬ ਅਤੇ ਚੌਰ ਸਾਹਿਬ ਭੇਟ ਕੀਤਾ ਗਿਆ ਅਤੇ ਦੇਗ ਕਰਵਾਈ।

ਮੁੱਖ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਹਰਵਿੰਦਰ ਸਿੰਘ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਅਤੇ ਐਸ.ਜੀ.ਪੀ.ਸੀ. ਮੈਂਬਰ ਜੋਗਿੰਦਰ ਕੌਰ ਵੱਲੋਂ ਸਿਰੋਪਾਓ ਬਖਸ਼ਿਸ਼ ਕੀਤਾ ਗਿਆ।

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਨੂੰ ਮੁੱਢਲੀ ਮਹੱਤਤਾ ਦਿੱਤੀ ਅਤੇ ਉਹਨਾਂ ਨੇ ਖ਼ੁਦ ਵੀ ਖੇਤੀ ਕੀਤੀ, ਇਸ ਲਈ ਪੰਜਾਬ ਦੇ ਲੋਕਾਂ ਦਾ ਇਸ ਖੇਤਰ ਨਾਲ ਧਾਰਮਿਕ ਸਬੰਧ ਹੈ। ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਸਿਹਰਾ ਮੁੱਖ ਮੰਤਰੀ ਸਿਰ ਬੰਨ੍ਹਦਿਆਂ ਸ ਰੰਧਾਵਾ ਨੇ ਅੱਗੇ ਕਿਹਾ ਕਿ ਇਹ ਲਾਂਘਾ ਸ਼ਾਂਤੀ ਅਤੇ ਮਨੁੱਖਤਾ ਦੀ ਏਕਤਾ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ ਅਤੇ ਹੁਣ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਮੁੜ ਅੱਗੇ ਆਏ ਹਨ।

ਮੁੱਖ ਮੰਤਰੀ ਵਲੋਂ ‘ਸੁਹਾਵੇ ਥਾਨ’ ਸ੍ਰੀ ਗੁਰੂ ਨਾਨਕ ਦੇਵ ਜੀ ਬਲੈਸਡ ਟ੍ਰੇਲ’ ਨਾਮੀ ਪੁਸਤਕ ਵੀ ਜਾਰੀ ਕੀਤੀ ਗਈ ਜਿਸ ਵਿੱਚ ਗੁਰੂ ਜੀ ਦੀ ‘ਚਰਨ ਛੋਹ’ ਪ੍ਰਾਪਤ ਪਿੰਡਾਂ ਅਤੇ ਕਸਬਿਆਂ ਵਿੱਚ ਚਲਾਏ ਗਏ ਪ੍ਰਾਜੈਕਟਾਂ ਦਾ ਵੇਰਵਾ ਦਿੱਤਾ ਗਿਆ ਹੈ। ਇਸ ਮੌਕੇ ਵੈਟੀਕਨ ਸਿਟੀ ਦੇ ਪੋਪ ਵੱਲੋਂ ਦਿੱਤਾ ਸੰਦੇਸ਼, ਕੈਥੋਲਿਕ ਚਰਚ, ਧਾਰੀਵਾਲ ਦੇ ਪਾਦਰੀ ਜੋਸਫ਼ ਮੈਥਿਊਜ਼ ਵਲੋਂ ਪੜ੍ਹਿਆ ਗਿਆ।
ਇਸ ਮੌਕੇ ਗਿਆਨੀ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵੱਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਸੰਸਦ ਮੈਂਬਰ ਪਰਨੀਤ ਕੌਰ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ ਤੇ ਸਾਧੂ ਸਿੰਘ ਧਰਮਸੋਤ, ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਸੰਤੋਖ ਸਿੰਘ ਭਲੀਪੁਰ, ਬਲਵਿੰਦਰ ਸਿੰਘ ਲਾਡੀ, ਸੰਗਤ ਸਿੰਘ ਗਿਲਜ਼ੀਆਂ, ਦਰਸ਼ਨ ਸਿੰਘ ਬਰਾੜ, ਅਮਰੀਕ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ, ਇੰਦੂ ਬਾਲਾ, ਜੋਗਿੰਦਰ ਪਾਲ, ਤਰਸੇਮ ਸਿੰਘ ਡੀਸੀ ਅਤੇ ਦਵਿੰਦਰ ਸਿੰਘ ਗੁਬਾਇਆ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਵਲੋਂ ਇਸ ਇਤਿਹਾਸਕ ਸਮਾਗਮ ਦੌਰਾਨ ਸੰਤ ਸਮਾਜ ਤੋ ਿੲਲਾਵਾ ਅਹਿਮਦੀਆ ਜਮਾਤ ਦੇ ਮੁਖੀ ਤਨਵੀਰ ਖਾਦੀਮ  ਨੂੰ ਸਨਮਾਨਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!